ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ’ਤੇ ਜੱਬੋਵਾਲ ਵਾਸੀਆਂ ਵੱਲੋਂ ਮੁਜ਼ਾਹਰਾ
ਇੱਥੋਂ ਨਜ਼ਦੀਕੀ ਸਥਿਤ ਬਲਾਕ ਤਰਸਿੱਕਾ ਨੂੰ ਸਰਕਾਰ ਵੱਲੋਂ ਖ਼ਤਮ ਕਰਨ ਦੇ ਵਿਰੋਧ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਪੁਤਲਾ ਬਸਾੜਿਆ ਗਿਆ। ਇਸ ਸਬੰਧੀ ਪਿੰਡ ਜੱਬੋਵਾਲ ਦੇ ਵਾਸੀਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਲੋਕਾਂ ਦਾ ਗੁੱਸਾ ਸਿਖਰ ’ਤੇ ਪਹੁੰਚ ਗਿਆ ਹੈ। ਪਿੰਡ ਵਾਸੀਆਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਲਾਕ ਤਰਸਿੱਕਾ ਨੂੰ ਮੁੜ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਪ੍ਰਦਰਸ਼ਨ ਕਰ ਰਹੇ ਪਿੰਡ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਬਲਾਕ ਤਰਸਿੱਕਾ ਨੂੰ ਮੁੜ ਸਰਕਾਰੀ ਗਜ਼ਟ ਵਿੱਚ ਸ਼ਾਮਲ ਕਰੇ ਅਤੇ ਬਲਾਕ ਤਰਸਿੱਕਾ ਨੂੰ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗ ਪੂਰੀ ਨਹੀਂ ਹੁੰਦੀ, ਉਹ ਕਿਸੇ ਹੋਰ ਲਾਰੇ ਜਾਂ ਝਾਂਸੇ ਵਿੱਚ ਨਹੀਂ ਆਉਣਗੇ। ਲੋਕਾਂ ਨੇ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਮੰਤਰੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਨੇ ਸਰਕਾਰ ਦੇ ਫੈਸਲੇ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਇਹ ਫੈਸਲਾ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰਨਗੇ।