ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 29 ਦਸੰਬਰ
ਵਿਧਾਨ ਸਭਾ ਹਲਕਾ ਕਾਦੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਾਣਾ ਮੰਡੀ ਕਾਹਨੂੰਵਾਨ ਵਿੱਚ ਵੱਡੀ ਚੋਣ ਰੈਲੀ ਕੀਤੀ ਗਈ। ਸ੍ਰੀ ਬਾਦਲ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੇ ਗੱਠਜੋੜ ਦੀ ਸਰਕਾਰ ਬਣਾਈ ਜਾਵੇ ਤੇ ਉਹ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ 3 ਕੌਮੀ ਪਾਰਟੀਆਂ ਅਤੇ ਕਈ ਖੇਤਰੀ ਪਾਰਟੀ ਨਾਲ ਮੁਕਾਬਲਾ ਕਰਨਾ ਪੈ ਰਿਹਾ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਸਿਆਸੀ ਜੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਜੇਤੂ ਰਹੇਗੀ। ਕਾਦੀਆਂ ਹਲਕੇ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਸੁਖਬੀਰ ਬਾਦਲ ਨੂੰ ਲੋਕ ਇਕੱਠ ’ਚ ਭਰੋਸਾ ਦਿਵਾਇਆ ਕਿ ਉਹ ਹਲਕਾ ਜਿੱਤ ਕੇ ਅਕਾਲੀ ਦਲ ਦੀ ਝੌਲੀ ਪਾਉਣਗੇ। ਰੈਲੀ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ, ਕੰਵਲਪ੍ਰੀਤ ਸਿੰਘ ਕਾਕੀ ਨੇ ਸੰਬੋਧਨ ਕੀਤਾ। ਇਸ ਮੌਕੇ ਬਾਬਾ ਬੁੱਧ ਸਿੰਘ, ਜਰਨੈਲ ਸਿੰਘ ਮਾਹਲ, ਮਨਜੀਤ ਸਿੰਘ ਪਸਵਾਲ, ਇੰਦਰਜੀਤ ਸਿੰਘ ਜਕੜੀਆ, ਕੰਵਲਜੀਤ ਸਿੰਘ ਚਾਹਲ ਨੇ ਵਿਸ਼ੇਸ਼ ਹਾਜ਼ਰੀ ਭਰੀ।