ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 17 ਫਰਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜਿਤਾਉਣ ਦੀ ਅਪੀਲ ਕੀਤੀ। ਆਪ ਆਗੂ ਭਗਵੰਤ ਮਾਨ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਪੜਿ੍ਹਆ ਲਿਖਿਆ ਹੋਣਾ ਜ਼ਰੂਰੀ ਹੈ ਜਦਕਿ ਆਪ ਪਾਰਟੀ ਦਾ ਸੀਐਮ ਚਿਹਰਾ ਕੇਵਲ ਬਾਰ੍ਹਵੀਂ ਪਾਸ ਹੈ ਜਦਕਿ ਉਨ੍ਹਾਂ ਵੱਲੋਂ ਐਮਏ, ਐਲਐਲਬੀ ਕੀਤੀ ਹੋਈ ਹੈ। ਇਸ ਮੌਕੇ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇੇ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਤਰਨ ਤਾਰਨ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਧਰਮਬੀਰ ਅਗਨੀਹੋਤਰੀ ਦੇ ਹੱਕ ਵਿੱਚ ਕਸਬਾ ਝਬਾਲ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਐਲਾਨੇ ਚਿਹਰੇ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ| ਇਸ ਮੌਕੇ ਵਿਧਾਇਕ ਡਾ. ਅਗਨੀਹੋਤਰੀ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਰੱਖੀਆਂ|
ਦੀਨਾਨਗਰ ਵਿੱਚ ਅਰੁਨਾ ਚੌਧਰੀ ਲਈ ਚੋਣ ਪ੍ਰਚਾਰ
ਦੀਨਾਨਗਰ (ਸਰਬਜੀਤ ਸਾਗਰ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੀਨਾਨਗਰ ਵਿਖੇ ਐਲਾਨ ਕੀਤਾ ਕਿ ਪੰਜਾਬ ਵਿੱਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਇੱਕ ਲੱਖ ਸਰਕਾਰੀ ਨੌਕਰੀਆਂ ਬਹਾਲ ਕੀਤੀਆਂ ਜਾਣਗੀਆਂ ਅਤੇ 6 ਮਹੀਨਿਆਂ ਦੇ ਅੰਦਰ ਹਰੇਕ ਗਰੀਬ ਦੇ ਘਰ ਦੀ ਛੱਤ ਪੱਕੀ ਕਰਕੇ ਦਿੱਤੀ ਜਾਵੇਗੀ। ਸ੍ਰੀ ਚੰਨੀ ਨੇ ਦੀਨਾਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਬਨਿਟ ਮੰਤਰੀ ਅਰੁਨਾ ਚੌਧਰੀ ਦੇ ਵਿਕਾਸ ਕੰਮਾਂ ਅਤੇ ਸਾਫ਼ ਅਕਸ ਨੂੰ ਦੇਖਦੇ ਹੋਏ ਦੁਬਾਰਾ ਉਨ੍ਹਾਂ ’ਤੇ ਭਰੋਸਾ ਜਤਾਉਣ ਅਤੇ 20 ਫਰਵਰੀ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਿੰਗ ਕਰਨ।
ਤਰਸੇਮ ਸਿੰਘ ਸਿਆਲਕਾ ਤੇ ਸੁਖਪਾਲ ਸਿੰਘ ਭੁੱਲਰ ਲਈ ਵੋਟਾਂ ਮੰਗੀਆਂ
ਅਟਾਰੀ (ਦਿਲਬਾਗ ਸਿੰਘ ਗਿੱਲ): ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਦਲਾਅ ਦੇ ਬਹਾਨੇ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ ਪਰ ਪੰਜਾਬ ਦੇ ਲੋਕ ਕੇਜਰੀਵਾਲ ਦੀਆਂ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਣਗੇ। ਇਹ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਾਣਾ ਮੰਡੀ ਅਟਾਰੀ ਵਿਖੇ ਕਾਂਗਰਸੀ ਉਮੀਦਵਾਰ ਤਰਸੇਮ ਸਿੰਘ ਸਿਆਲਕਾ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲ ਤੇ ਹੋਰ ਹਾਜ਼ਰ ਸਨ।
ਭਿੱਖੀਵਿੰਡ (ਨਰਿੰਦਰ ਸਿੰਘ): ਮੁੱਖ ਮੰਤਰੀ ਨੇ ਖੇਮਕਰਨ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੇ ਹੱਕ ਵਿਚ ਅਮਰਕੋਟ ਦਾਣਾ ਮੰਡੀ ਵਿਚ ਰੈਲੀ ਨੂੰ ਸੰਬੋਧਨ ਕੀਤਾ ਤੇ ਸੁਖਪਾਲ ਸਿੰਘ ਭੁੱਲਰ ਲਈ ਲੋਕਾਂ ਤੋਂ ਵੋਟਾਂ ਮੰਗੀਆਂ।