Kewal Dhaliwal Play: ਤੇਜਾ ਸਿੰਘ ਸਮੁੰਦਰੀ ਦੇ ਜੀਵਨ ਸਬੰਧੀ ਨਾਟਕ ਦਾ ਮੰਚਨ
ਦਿੱਲੀ ਦੇ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਹਾਜ਼ਰੀ ਭਰੀ
ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਬਰਾਬਰੀ, ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਅੱਜ ਵੀ ਓਨੀ ਹੀ ਪ੍ਰਸੰਗਿਕ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਕਰਵਾਏ ਗਏ ਨਾਟਕ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਆਪਣਾ ਇਤਿਹਾਸ ਜਾਣਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਅਜਿਹੇ ਮੁੱਲ ਅਤੇ ਵਿਚਾਰ ਮੌਜੂਦ ਹਨ, ਜੋ ਸਮਾਜ ਲਈ ਵੀ ਰਾਹ ਦਸੇਰੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕਰਦਿਆਂ ਅਜਿਹੇ ਇਤਿਹਾਸਕ ਵਿਸ਼ਿਆਂ ਨੂੰ ਨਵੀਂ ਪੀੜ੍ਹੀ ਤੱਕ ਪੁਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਹੱਤਤਾ ਦੱਸੀ । ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਐੱਚ ਐੱਸ ਸੈਣੀ, ਰਜਿਸਟਰਾਰ ਕੇ ਐੱਸ ਚਾਹਲ, ਅਮਨਦੀਪ ਹਸਪਤਾਲ ਤੋਂ ਡਾ. ਅਵਤਾਰ ਸਿੰਘ ਅਤੇ ਨਾਟਕਕਾਰ ਕੇਵਲ ਧਾਲੀਵਾਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਸ ਦੌਰ ਦੀਆਂ ਇਤਿਹਾਸਕ ਘਟਨਾਵਾਂ ਨਾਲ ਸਬੰਧਤ ਦੁਰਲੱਭ ਅਤੇ ਯਾਦਗਾਰੀ ਤਸਵੀਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ’ਤੇ ਆਧਾਰਿਤ ਨਾਟਕ ਪੇਸ਼ ਕੀਤਾ ਗਿਆ, ਜਿਸ ਦੀ ਨਿਰਦੇਸ਼ਨਾ ਪ੍ਰਸਿੱਧ ਰੰਗਕਰਮੀ ਸ੍ਰੀ ਕੇਵਲ ਧਾਲੀਵਾਲ ਨੇ ਕੀਤੀ। ਨਾਟਕ ਰਾਹੀਂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਉਨ੍ਹਾਂ ਦੀ ਸੋਚ, ਸੰਘਰਸ਼ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਮਗਰੋਂ ਤਰਨਜੀਤ ਸਿੰਘ ਸੰਧੂ ਨੇ ਨਾਟਕ ਦੇ ਕਲਾਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

