ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗੁਰਮਤਿ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਨੇ ਦੱਸਿਆ ਸਿੱਖ ਵੈਲਫੇਅਰ ਫਾਊਂਡੇਸ਼ਨ ਧਾਰੀਵਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੱਤਵਾਂ ਗੁਰਮਿਤ ਸਮਾਗਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਦੇ ਗੁਰਮਤਿ ਕੁਇੱਜ਼, ਸੁੰਦਰ ਲਿਖਾਈ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸੀਨੀਅਰ ਗਰੁੱਪ ਵਿੱਚ ਸੁੰਦਰ ਲਿਖਾਈ ਮੁਕਾਬਲੇ ਵਿੱਚੋਂ ਰਾਧਿਕਾ ਨੇ ਪਹਿਲਾ ਸਥਾਨ, ਗੁਰਮਤਿ ਕੁਇੱਜ਼ ਵਿੱਚੋਂ ਸਹਿਜਪ੍ਰੀਤ ਕੌਰ, ਰਮਨਦੀਪ ਕੌਰ ,ਚਰਨਜੀਤ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ, ਸੁੰਦਰ ਦਸਤਾਰ ਮੁਕਾਬਲੇ ਵਿੱਚ ਰਣਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸੁੰਦਰ ਦੁਮਾਲਾ ਸਜਾਉਣ ਵਿੱਚ ਜਸਦੀਪ ਸਿੰਘ ਅਤੇ ਅਕਰਸ਼ਪ੍ਰੀਤ ਸਿੰਘ ਨੇ ਸਪੈਸ਼ਲ ਸਨਮਾਨ ਪ੍ਰਾਪਤ ਕੀਤਾ। ਪ੍ਰਬੰਧਕਾਂ ਨੇ ਜੇਤੂਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆਂ। ਇਨ੍ਹਾਂ ਤੋਂ ਇਲਾਵਾ ਵੀ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ। ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਦਾ ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਵਿਸ਼ੇਸ਼ ਸਨਮਾਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਨੂੰ ਪੂੁਰੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।
