DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਮੋਰਚੇ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਦਰਾਂ ਅੱਗੇ ਮੁਜ਼ਾਹਰੇ

ਅਮਰੀਕਾ-ਭਾਰਤ ਸਮਝੌਤੇ ਦਾ ਵਿਰੋਧ; ਭਾਜਪਾ ਆਗੂਆਂ ਦੇ ਘਰ ਵੀ ਘੇਰੇ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਰਿਹਾਇਸ਼ ਅੱਗੇ ਧਰਨਾ ਦਿੰਦੇ ਹੋਏ ਕਿਸਾਨ-ਮਜ਼ਦੂਰ।
Advertisement

ਅਮਰੀਕਾ-ਭਾਰਤ ਸਮਝੌਤੇ ਖ਼ਿਲਾਫ਼ ਅਤੇ ਬਿਜਲੀ ਸੋਧ ਬਿੱਲ, ਬੀਜ ਐਕਟ, ਕਿਰਤ ਕੋਡ ਰੱਦ ਕਰਾਉਣ ਅਤੇ ਮਗਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਵਾਉਣ ਵਾਸਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੰਮ੍ਰਿਤਸਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਤਰੁਣ ਚੁੱਘ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਡਾ. ਸਤਨਾਮ ਸਿੰਘ ਅਜਨਾਲਾ, ਸੁੱਚਾ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਡਾ. ਪਰਮਿੰਦਰ ਸਿੰਘ ਪੰਡੋਰੀ, ਰਤਨ ਸਿੰਘ ਰੰਧਾਵਾ, ਕ੍ਰਿਸ਼ਨ ਸਿੰਘ ਟੀ ਐੱਸ ਯੂ, ਸੁੱਚਾ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ ਅਤੇ ਲਖਬੀਰ ਸਿੰਘ ਨਿਜਾਮਪੁਰਾ ਆਦਿ ਨੇ ਇਕੱਠ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਾਰਤ ਸਰਕਾਰ ਜੋ ਦਬਾਅ ਹੇਠ ਕਰ ਮੁਕਤ ਸਮਝੌਤਾ ਅਮਰੀਕਾ ਤੇ ਹੋਰਨਾਂ ਯੂਰਪੀ ਮੁਲਕਾਂ ਨਾਲ ਕਰ ਰਹੀ ਹੈ, ਉਸ ਦੇ ਨਤੀਜੇ ਬਹੁਤ ਭਿਆਨਕ ਹੋਣਗੇ।

Advertisement

ਜਲੰਧਰ (ਹਤਿੰਦਰ ਮਹਿਤਾ): ਸੰਯੁਕਤ ਕਿਸਾਨ ਮੋਰਚਾ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ, ਟਰੇਡ ਯੂਨੀਅਨਾਂ, ਔਰਤਾਂ, ਮੁਲਾਜ਼ਮਾਂ, ਪੈਨਸ਼ਨਰਾਂ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਨੂੰ ਰੱਦ ਕਰਵਾਉਣ ਲਈ ਅੱਜ ਸਵੇਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਜਲੰਧਰ ਸਥਿਤ ਘਰ ਅੱਗੇ ਮੁਜ਼ਾਹਰਾ ਕੀਤਾ ਗਿਆ। ਆਗੂਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤੀ ਲੋਕਾਂ ਨੂੰ ਖ਼ਤਮ ਕਰਨ ਲਈ ਲਗਾਤਾਰ ਨਵੇਂ ਨਵੇਂ ਬਿੱਲ, ਨੀਤੀਆਂ ਲੈ ਕੇ ਆ ਰਹੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ, ਕੇਂਦਰ ਦੀ ਹਾਂ ’ਚ ਹਾਂ ਮਿਲਾ ਰਹੀ ਹੈ। ਇਸ ਮੌਕੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਮੁਕਤ ਵਪਾਰ ਸਮਝੌਤਾ ਖਿਲਾਫ਼ 10 ਮਾਰਚ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਦਾ ਸੱਦਾ ਵੀ ਦਿੱਤਾ।

Advertisement

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ’ਤੇ ਸ਼ਹੀਦ ਭਗਤ ਸਿੰਘ ਸਮਾਰਕ ’ਤੇ ਕਿਸਾਨ ਇਕੱਠੇ ਹੋਏ ਅਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਾਏ। ਇਸ ਮਗਰੋਂ ਮਾਰਚ ਕਰ ਕੇ ਡਾਕਖ਼ਾਨੇ ਅੱਗੇ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਸਮਰਾਜ ਅੱਗੇ ਝੁਕਦਿਆਂ ਕਿਸਾਨ ਵਿਰੋਧੀ ਮੁਕਤ ਵਪਾਰ ਸਮਝੌਤੇ ਤਹਿਤ ਦੇਸ਼ ਤੇ ਕਿਸਾਨਾਂ ਦੇ ਹਿੱਤ ਵੇਚੇ ਗਏ ਹਨ, ਮਗਨਰੇਗਾ ਕਾਨੂੰਨ ਨੂੰ ਰੱਦ ਕਰਨ ਲਈ ਇਸ ਦਾ ਸਰੂਪ ਬਦਲ ਦਿੱਤਾ ਗਿਆ, ਬਿਜਲੀ ਬਿੱਲ 2025 ਰਾਹੀਂ ਇਸ ਨੂੰ ਪੂੰਜੀਪਤੀਆਂ ਨੂੰ ਵੇਚਿਆ ਜਾ ਰਿਹਾ ਹੈ ਸੀਡ ਬਿੱਲ ਲੇਬਰ ਐਕਟ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ।

ਪਠਾਨਕੋਟ (ਐਨ ਪੀ ਧਵਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ। ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਕਟਾਰੂਚੱਕ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਭਾਰਤ ਅਮਰੀਕਾ ਸਮਝੌਤੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ।

ਹੁਸ਼ਿਆਰਪੁਰ (ਜਗਜੀਤ ਸਿੰਘ): ਇੱਥੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਵਲੋਂ ਅਮਰੀਕਾ ਨਾਲ ਕੀਤੇ ਗਏ ਵਪਾਰ ਸਮਝੌਤੇ ਨੂੰ ਰੱਦ ਕਰਨ ਲਈ ਸੂਬੇ ਦੀ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਮਤਾ ਪਾਸ ਕੀਤਾ ਜਾਵੇ।

ਇਸ ਮੌਕੇ ਜਮ਼ਹੂਰੀ ਕਿਸਾਨ ਸਭਾ ਦੇ ਡਾ. ਸੁਖਦੇਵ ਸਿੰਘ ਢਿਲੋਂ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਭੂੰਗਾ, ਕਿਸਾਨ ਕਮੇਟੀ ਦੋਆਬਾ ਦੇ ਹਰਬੰਸ ਸਿੰਘ ਸੰਘਾ, ਜਮਹੂਰੀ ਕਿਸਾਨ ਸਭਾਂ ਦੇ ਮਲਕੀਤ ਸਿੰਘ ਬਾਹੋਵਾਲ, ਬੀ ਕੇ ਯੂ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਮੇਸ਼ ਸਿੰਘ ਸੰਬੋਧਨ ਕੀਤਾ।

Advertisement
×