ਪੱਤਰ ਪ੍ਰੇਰਕ
ਮਾਨਸਰ, 8 ਦਸੰਬਰ
ਲੋਕਾਂ ਦੀ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਭੰਗਾਲਾ ਪੁਲੀਸ ਚੌਕੀ ਅੱਗੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਲਾਇਆ ਲਗਾਤਾਰ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ ਜਿਸ ਦੀ ਅਗਵਾਈ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ, ਤਹਿਸੀਲ ਪ੍ਰਧਾਨ ਅਸ਼ੋਕ ਮਹਾਜਨ ਤੇ ਜ਼ਿਲ੍ਹਾ ਕਮੇਟੀ ਮੈਂਬਰ ਸੁਰਜੀਤ ਸਿੰਘ ਬਾੜੀ ਨੇ ਕੀਤੀ। ਆਗੂਆਂ ਨੇ ਕਿਹਾ ਕਿ ਭੰਗਾਲਾ ਪੁਲੀਸ ਚੌਕੀ ਦੇ ਅਧਿਕਾਰੀ ਕਥਿਤ ਦੋਸ਼ੀਆਂ ਨਾਲ ਮਿਲੀਭੁਗਤ ਕਰ ਕੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਥਾਂ ਖੱਜਲ ਖੁਆਰ ਕਰ ਰਹੇ ਹਨ। ਲੰਬੇ ਸਮੇਂ ਤੋਂ ਪੈਡਿੰਗ ਪਈਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਦੀ ਥਾਂ ਆਪਣੇ ਸਿਆਸੀ ਆਗੂਆਂ ਦੇ ਕਹੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ। ਕੁੱਲ ਹਿੰਦ ਕਿਸਾਨ ਸਭਾ ਇਨ੍ਹਾਂ ਮਸਲਿਆਂ ਦੇ ਹੱਲ ਲਈ ਲਗਾਤਾਰ ਧਰਨਾ ਦੇ ਰਹੀ ਹੈ, ਪਰ ਕਿਸੇ ਵੀ ਉੱਚ ਅਧਿਕਾਰੀ ਨੇ ਮਸਲੇ ਹੱਲ ਕਰਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਲੰਬੇ ਸਮੇਂ ਤੋਂ ਪੈਂਡਿੰਗ ਪਏ ਮਸਲੇ ਤੁਰੰਤ ਨਾ ਹੱਲ ਕੀਤੇ ਗਏ ਤਾਂ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਵੀ ਧਰਨੇ ਸ਼ੁਰੂ ਕਰ ਦਿੱਤੇ ਜਾਣਗੇ।