ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 19 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਜ਼ੋਨ ਸਠਿਆਲੀ ਪੁਲ) ਦੇ ਪ੍ਰਧਾਨ ਗੁਰਮੁੱਖ ਸਿੰਘ ਅਤੇ ਸਕੱਤਰ ਅਨੂਪ ਸਿੰਘ ਦੀ ਅਗਵਾਈ ਹੇਠ ਅੱਜ ਇਥੇ ਜਥੇਬੰਦੀ ਦੇ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਬੱਸ ਅੱਡਾ ਧਾਰੀਵਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੁੱਧੋ ਬਰਕਤ ਦੀ ਬਿਰਧ ਮਾਤਾ ਰਾਜਿੰਦਰ ਕੌਰ ਦੀ ਇਕ ਏਕੜ ਜ਼ਮੀਨ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਆਪਣੇ ਬੰਦਿਆਂ ਰਾਹੀਂ ਕਬਜ਼ਾ ਕਰਵਾਇਆ ਗਿਆ ਹੈ। ਬਜ਼ੁਰਗ ਮਾਤਾ ਦੇ ਦੋ ਪੁੱਤਰ (45 ਅਤੇ 47 ਸਾਲ) ਅੰਨ੍ਹੇ ਤੇ ਅਪਾਹਜ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਨੇ ਕਿਹਾ ਕਿ ਬਿਰਧ ਮਾਤਾ ਦੀ ਜ਼ਮੀਨ ਵਾਪਸ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਣਕ ਦੇ ਰੇਟ ਵਿੱਚ ਨਾ ਮਾਤਰ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਣਕ ਦਾ ਰੇਟ ਪ੍ਰਤੀ ਕੁਇੰਟਲ 3300 ਰੁਪਏ ਕੀਤਾ ਜਾਵੇ। ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਅੱਜ ਮੰਗਾਂ ਦੇ ਹੱਕ ਵਿੱਚ ਸ਼ਹਿਰ ਵਿਚ ਰੋਸ ਮਾਰਚ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਦੀ ਅਗਵਾਈ ਹੇਠ ਕੱਢੇ ਇਸ ਮਾਰਚ ’ਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਹਿੱਸਾ ਲਿਆ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਮਿੰਨੀ ਸਕੱਤਰੇਤ ਵਿਖੇ ਖਤਮ ਹੋਇਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੌਦਗਿੱਲ ਨੇ ਕਿਹਾ ਕਿ ਮਨਿਸਟੀਰੀਅਲ ਮੁਲਾਜ਼ਮਾਂ ਨੇ ਮੰਗਾਂ ਦੇ ਹੱਕ ਵਿੱਚ ਕਲਮਛੋੜ ਹੜਤਾਲ ਕੀਤੀ ਪਰ ਇਸ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ।