ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 2 ਅਪਰੈਲ
ਇੱਥੋਂ ਦੇ ਨਜ਼ਦੀਕੀ ਨਿੱਜਰਪੁਰਾ ਟੌਲ ਪਲਾਜ਼ਾ ’ਤੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਟੌਲ ਦਰਾਂ ਵਧਾਉਣ, ਪੰਜਾਬ ਵਿੱਚ ਚਿੱਪ ਵਾਲੇ ਮੀਟਰ ਲਗਾਉਣ ਅਤੇ ਕੇਂਦਰ ਵੱਲੋਂ ਕਣਕ ਦਾ ਐੱਮਐੱਸਪੀ ਨਿਰਧਾਰਤ ਨਾ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਟੌਲ ਦੀਆਂ ਦਰਾਂ ਤੇ ਡੀਜ਼ਲ-ਪੈਟਰੋਲ ਦਾ ਮੁੱਲ ਵਧਾ ਕੇ ਆਮ ਜਨਤਾ ਉੱਪਰ ਆਰਥਿਕ ਬੋਝ ਪਾਇਆ ਗਿਆ ਹੈ।
ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਐੱਮਐੱਸਪੀ ਨਿਰਧਾਰਤ ਨਾ ਕਰਕੇ ਅਤੇ ਐੱਮਐੱਸਪੀ ਦਾ ਕਾਨੂੰਨ ਨਾ ਬਣਾ ਕੇ ਕਿਸਾਨਾਂ ਨੂੰ ਫਾਇਦਾ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਉਹ ਆਪਣੇ ਹੱਕ ਲੈਣ ਲਈ ਮੁੜ ਸੰਘਰਸ਼ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਕੇਂਦਰ ਦੇ ਅੱਗੇ ਝੁਕੀ ਤਾਂ ਇਸ ਦਾ ਵੀ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਅਮਰਦੀਪ ਸਿੰਘ ਬਾਗੀ, ਬਲਕਾਰ ਸਿੰਘ, ਇੰਦਰਜੀਤ ਸਿੰਘ, ਦਵਿੰਦਰ ਸਿੰਘ ਚਾਟੀਵਿੰਡ, ਮੰਗਲ ਸਿੰਘ, ਗੁਰਸਾਹਿਬ ਸਿੰਘ, ਜਗਦੀਸ਼ ਸਿੰਘ ਚਾਟੀਵਿੰਡ, ਮਹਿੰਦਰ ਸਿੰਘ, ਨਿਰਵੈਲ ਸਿੰਘ, ਗੁਰਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਕਿਸਾਨ ਮੌਕੇ ’ਤੇ ਮੌਜੂਦ ਸਨ।