ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਵੱਲੋਂ ਅੱਜ ਪਾਰਟੀ ਵਰਕਰਾਂ ਨਾਲ ਥਾਣਾ ਡੇਰਾ ਬਾਬਾ ਨਾਨਕ ਦੇ ਬਾਹਰ ਧਰਨਾ ਦਿੱਤਾ ਗਿਆ। ਲੰਗਾਹ ਨੇ ਕਾਂਗਰਸੀ ਸੰਸਦ ਮੈਂਬਰ ’ਤੇ ਗੰਭੀਰ ਦੋਸ਼ ਲਗਾਏ ਅਤੇ ਮੰਗ ਕੀਤੀ ਕਿ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।
ਲੰਗਾਹ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਤਲ ’ਚ ਕਾਂਗਰਸ ਆਗੂ ਦੀ ਕਥਿਤ ਭੂਮਿਕਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਢਿੱਲਵਾਂ ਦੇ ਕਤਲ ਤੋਂ ਕੁਝ ਦਿਨ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਥਾਣਾ ਕੋਟਲੀ ਸੂਰਤ ਮੱਲ੍ਹੀ ਅੱਗੇ ਧਰਨਾ ਲਗਾਇਆ ਗਿਆ ਸੀ ਪਰ ਉਸ ਸਮੇਂ ਸਰਕਾਰ ਦੇ ਦਬਾਅ ਕਾਰਨ ਪੁਲੀਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕੀ। ਲੰਗਾਹ ਨੇ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਦਾ ਕਤਲ ਗੈਂਗਸਟਰ ਜੱਗੂ ਭਗਵਾਨਪੁਰ ਦੇ ਬੰਦਿਆਂ ਕੋਲੋਂ ਕਥਿਤ ਤੌਰ ’ਤੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਰੰਧਾਵਾ ’ਤੇ ਕਾਰਵਾਈ ਨਹੀਂ ਹੁੰਦੀ, ਇਹ ਪ੍ਰਦਰਸ਼ਨ ਜਾਰੀ ਰਹਿਣਗੇ।