ਮਰਹੂਮ ਸਰਪੰਚ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਆਗੂ
ਰਾਜਾ ਵਡ਼ਿੰਗ, ਰੰਧਾਵਾ ਤੇ ਜ਼ੀਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਰਣਬੀਰ ਸਿੰਘ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਮਰਹੂਮ ਸਰਪੰਚ ਜਰਮਲ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਡਗਮਗਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਬੈਠੇ ਗੈਂਗਸਟਰ ਬਿਨ੍ਹਾਂ ਕਿਸੇ ਡਰ-ਭੈਅ ਤੋਂ ਲੋਕਾਂ ਤੋਂ ਫ਼ਿਰੌਤੀਆਂ ਵਸੂਲ ਰਹੇ ਹਨ ਤੇ ‘ਆਪ’ ਸਰਕਾਰ ਇਨ੍ਹਾਂ ਨੂੰ ਨੱਥ ਪਾਉਣ ਵਿੱਚ ਅਸਮਰੱਥ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਕਾਂਗਰਸ ਸੂਬੇ ਦੀ ਸੱਤਾ ’ਤੇ ਕਾਬਜ਼ ਹੋ ਕੇ ਅਮਨ-ਸ਼ਾਂਤੀ ਨੂੰ ਬਹਾਲ ਕਰੇਗੀ। ਇਸ ਮੌਕੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਬਿੱਟੂ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਸਾਂਡਪੁਰ ਤੇ ਹਰਪ੍ਰੀਤ ਸਿੰਘ ਸੰਧੂ ਹਾਜ਼ਰ ਸਨ।
ਭਾਜਪਾ ਆਗੂ ਅਸ਼ਨਵੀ ਸ਼ਰਮਾ ਨੇ ਵੀ ਦੁੱਖ ਸਾਂਝਾ ਕੀਤਾ
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਦਲਬੀਰ ਸਿੰਘ ਅਲਗੋਂ ਤੇ ਅਨੂਪ ਸਿੰਘ ਭੁੱਲਰ ਸਮੇਤ ਕਈ ਆਗੂ ਮਰਹੂਮ ਸਰਪੰਚ ਜਰਮਲ ਸਿੰਘ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਉਨ੍ਹਾਂ ਮਰਹੂਮ ਸਰਪੰਚ ਜਰਮਲ ਸਿੰਘ ਦੇ ਪੁੱਤਰ ਲਵਪ੍ਰੀਤ ਸਿੰਘ, ਸਰਵਨ ਸਿੰਘ ਅਤੇ ਸੁਖਦੇਵ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਵਿੱਚ ਫੇਲ੍ਹ ਹੋ ਚੁੱਕੀ ਹੈ।

