ਦਿਲਬਾਗ ਸਿੰਘ ਗਿੱਲ
ਅਟਾਰੀ, 2 ਫਰਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਲਖਵਿੰਦਰ ਸਿੰਘ ਡਾਲਾ, ਗੁਰਵਿੰਦਰ ਸਿੰਘ ਭਰੋਭਾਲ ਤੇ ਕਾਬਲ ਸਿੰਘ ਮੁਹਾਵਾ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਤੇ ਗੈਰਸਰਕਾਰੀ ਸਕੂਲਾਂ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਬ ਤਹਿਸੀਲ ਅਟਾਰੀ ਵਿਖੇ ਸ੍ਰੀਮਤੀ ਰਵਿੰਦਰਜੀਤ ਕੌਰ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ। ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਉਲੀ ਸਾਹਿਬ ਦੇ ਆਗੂਆਂ, ਵਰਕਰਾਂ, ਨਿੱਜੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਬ ਤਹਿਸੀਲ ਨੇੜੇ ਇਕੱਠ ਹੋਇਆ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਆੜ ਹੇਠ ਸਰਕਾਰੀ ਤੇ ਗੈਰਸਰਕਾਰੀ ਸਕੂਲ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਸਬ ਤਹਿਸੀਲ ਅਟਾਰੀ ਤੇ ਲੋਪੋਕੇ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਕੂਲ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ 8 ਫਰਵਰੀ ਤੱਕ ਸਕੂਲ ਨਾ ਖੁੱਲ੍ਹੇ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਵੱਖ-ਵੱਖ ਜਥੇਬੰਦੀਆਂ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਰਾਜਾਤਾਲ, ਪ੍ਰੀਤਮ ਸਿੰਘ, ਕਰਮਜੀਤ ਸਿੰਘ, ਨਿਤਾਸ਼ਾ ਰਾਣੀ, ਬਲਬੀਰ ਸਿੰਘ, ਕੁਲਦੀਪ ਸਿੰਘ ਮੋਦੇ, ਬਲਜੀਤ ਸਿੰਘ, ਸਕੂਲਾਂ ਦੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
ਜੀਟੀਬੀਆਈ ਸਕੂਲ ਦੇ ਸਟਾਫ਼ ਮੈਂਬਰਾਂ ਨੇ ਰੋਸ ਪ੍ਰਗਟਾਇਆ
ਧਾਰੀਵਾਲ (ਪੱਤਰ ਪ੍ਰੇਰਕ): ਕਰੋਨਾ ਦੇ ਚਲਦੇ ਸਰਕਾਰ ਵਲੋਂ ਵਿਦਿਅਕ ਸੰਸਥਾਂਵਾਂ ਬੰਦ ਰੱਖਣ ਨੂੰ ਲੈ ਕੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਵਿੱਚ ਪ੍ਰਿੰਸੀਪਲ ਡਾ: ਰਵਨੀਤ ਕੌਰ ਦੀ ਅਗਵਾਈ ਵਿੱਚ ਸਮੁੱਚੇ ਸਟਾਫ ਨੇ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਬੰਦ ਰਹਿਣਾ ਬੱਚਿਆਂ ਦੇ ਮਾਨਸਿਕ ਅਤੇ ਬੋਧਿਕ ਵਿਕਾਸ ਵਿੱਚ ਰੁਕਾਵਟ ਬਣ ਰਿਹਾ ਹੈ। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਸਣੇ ਸਮੂਹ ਸਟਾਫ ਮੈਂਬਰ ਮੌਜੂਦ ਸਨ।