ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ
ਕੈਬਨਿਟ ਮੰਤਰੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਉਨਾਂ ਸੰਗਤਾਂ ਨੂੰ ਸੱਦਾ ਦਿੱਤਾ ਕਿਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ। ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿੱਚ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ।
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਇਸ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਸੁਖਦੇਵ ਸਿੰਘ ਬੂਹ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਤੇ ਸ਼ਹਾਦਤ ਨਾਲ ਸਬੰਧਿਤ ਵਾਰਾਂ ਦਾ ਗਾਇਨ ਕੀਤਾ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ। ਇਸ ਮੌਕੇ ਵਿਧਾਇਕ ਜੀਵਨ ਜੋਤ ਕੌਰ , ਜਸਵਿੰਦਰ ਸਿੰਘ ਰਮਦਾਸ , ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ,ਚੈਅਰਮੈਨ ਕਰਮਜੀਤ ਸਿੰਘ ਰਿੰਟੂ,ਪ੍ਭਬੀਰ ਸਿੰਘ ਬਰਾੜ, ਡਿਪਟੀ ਮੇਅਰ ਪ੍ਰਿਯੰਕਾ , ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
