Lok Milani: ਲੋਕ ਮੁੜ ‘ਆਪ’ ਨੂੰ ਮੌਕਾ ਦੇਣਗੇ : ਭਗਵੰਤ ਮਾਨ
ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਨਿਸ਼ਾਨੇ ਸੇਧੇ
ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪਹਿਲਾਂ ਰਾਜ ਕਰਦਿਆਂ ਦੇਖ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ 90 ਫ਼ੀਸਦੀ ਘਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਮਿਲ ਰਹੇ ਹਨ ਅਤੇ ਨਹਿਰੀ ਪਾਣੀ ਦੀ ਪਹੁੰਚ 22 ਫ਼ੀਸਦੀ ਤੋਂ ਵਧ ਕੇ 88 ਫ਼ੀਸਦੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ 54 ਲੱਖ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ, ਜਦਕਿ ਬਾਕੀ 11 ਲੱਖ ਕਾਰਡ ਵੀ ਜਲਦ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਨਮਾਨ ਯੋਜਨਾ’ ਤਹਿਤ ਔਰਤਾਂ ਦੇ ਖਾਤਿਆਂ ਵਿੱਚ 1 ਅਕਤੂਬਰ ਨੂੰ ਅਗਲੇ ਤਿੰਨ ਮਹੀਨਿਆਂ ਦੀ ਰਾਸ਼ੀ ਪਾਈ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਵੱਲੋਂ ਸੈਂਸਰਾ ਕਲਾਂ ਦੀਆਂ ਤਿੰਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। ਪੰਚਾਇਤਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤਲਬੀਰ ਸਿੰਘ ਗਿੱਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਖੁਸ਼ਪਾਲ ਸਿੰਘ ਧਾਲੀਵਾਲ, ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ, ਐੱਸ ਡੀ ਐੱਮ ਅਜਨਾਲਾ ਡਾ. ਚਾਰੂਮਿਤਾ, ਤਹਿਸੀਲਦਾਰ ਜਗਸੀਰ ਸਿੰਘ ਮਿੱਤਲ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ, ਪ੍ਰਿਥੀਪਾਲ ਸਿੰਘ ਘੋਨੇਵਾਲਾ ਹਾਜ਼ਰ ਸਨ।

