ਪੱਤਰ ਪ੍ਰੇਰਕ
ਜੈਂਤੀਪੁਰ, 4 ਫਰਵਰੀ
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਅੱਜ ਤਲਵੰਡੀ ਦੌਸੰਧਾ ਸਿੰਘ ਵਿਚ ਰੈਲੀ ਕੀਤੀ। ਇਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਰੂਪੋਵਾਲੀ ਕਲਾਂ ਤੇ ਕੱਥੂਨੰਗਲ ਖੁਰਦ ਵਿਚ ਵੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਤਲਵੰਡੀ ਦੌਸੰਧਾ ਸਿੰਘ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਗਨੀਵ ਮਜੀਠੀਆ ਨੇ ਕਿਹਾ ਕਿ ਇਹ ਇਲਾਕਾ ਹਮੇਸ਼ਾ ਮਜੀਠਾ ਪਰਿਵਾਰ ਦੇ ਹਿੱਸਾ ਰਿਹਾ ਹੈ। ਉਹ ਮਜੀਠਾ ਹਲਕੇ ਦੀਆਂ ਔਰਤਾਂ ਦੀ ਭਲਾਈ ਵਾਸਤੇ ਡਟ ਕੇ ਕੰਮ ਕਰਨਾ ਚਾਹੁੰਦੇ ਹਨ। ਇਸ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਪ੍ਰੇਰਨਾ ਲੈਣਗੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਆਰਥਿਕ ਮਜ਼ਬੂਤੀ ਹੀ ਇਲਾਕੇ ਦੀ ਮਜ਼ਬੂਤੀ ਦਾ ਸਬੱਬ ਬਣੇਗੀ।
ਲੋਕਾਂ ਕੋਲ ਇਮਾਨਦਾਰ ਸਰਕਾਰ ਚੁਣਨ ਦਾ ਸੁਨਹਿਰੀ ਮੌਕਾ: ਲਾਲੀ
ਪੱਤਰ ਪ੍ਰੇਰਕ
ਜੈਂਤੀਪੁਰ, 4 ਫਰਵਰੀ
‘ਆਪ’ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਵੱਲੋਂ ਅੱਜ ਹਲਕੇ ਦੇ ਪਿੰਡ ਬੁਲਾਰਾ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਕੇ ਲੋਕਾਂ ਨੂੰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਲਿਆਉਣ ਲਈ ਅਪੀਲ ਕੀਤੀ। ਇਸ ਮੌਕੇ ਲਾਲੀ ਮਜੀਠੀਆ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਤੇ ਕਾਂਗਰਸੀਆਂ ਨੇ ਰਲ ਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ। ਹੁਣ ਲੋਕਾਂ ਨੂੰ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਜੋੜੀ ਦੀ ਰਹਿਨੁਮਾਈ ਹੇਠ ਇਮਾਨਦਾਰ ਸਰਕਾਰ ਚੁਣਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪੰਜਾਬ ਦੇ ਭਲੇ ਲਈ ‘ਆਪ’ ਦੀ ਸਰਕਾਰ ਨੂੰ ਮੌਕਾ ਦੇਣ ਤਾਂ ਜੋ ਦਿੱਲੀ ਵਾਲੀਆਂ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਵੀ ਮਿਲ ਸਕਣ।