ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਸਤੰਬਰ
ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ। ਅਕਾਲੀ ਆਗੂਆਂ ਤੇ ਵਰਕਰਾਂ ਨੇ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਦਸਤਾਰਾਂ ਸਜਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਸ਼ੁਰੂ ਹੋਇਆ ਮਾਰਚ ਮਿਨੀ ਸਕੱਤਰੇਤ ਤੱਕ ਪੁੱਜਿਆ ਜਿੱਥੇ ਕੁਝ ਸਮੇਂ ਲਈ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਲਈ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਪੰਜਾਬ ਦੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਸਾਰ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਕੰਮ ਕੀਤਾ ਜਾਵੇਗਾ ਪਰ ਅਜੇ ਤੱਕ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਨੇ ਜੇਕਰ ਜਲਦੀ ਬੰਦੀ ਸਿੰਘਾਂ ਦੀ ਰਿਹਾਈ ਨਾ ਕੀਤੀ ਤਾਂ ਅਕਾਲੀ ਦਲ ਹੋਰ ਵੀ ਵੱਡਾ ਸੰਘਰਸ਼ ਕਰੇਗਾ।
ਤਰਨ ਤਾਰਨ (ਗੁਰਬਖਸ਼ਪੁਰੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ| ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਤੋਂ ਇਲਾਵਾ ਕਮੇਟੀ ਦੇ ਪ੍ਰਬੰਧਾਂ ਅਧੀਨ ਆਉਂਦੇ ਗੁਰਦੁਆਰਿਆਂ, ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ ਦੇ ਮੁਲਾਜ਼ਮਾਂ ਆਦਿ ਨੇ ਸ਼ਮੂਲੀਅਤ ਕੀਤੀ| ਸ਼੍ਰੋਮਣੀ ਕਮੇਟੀ ਦੇ ਮੈਬਰਾਂ ਕਾਲੇ ਚੋਲੇ ਪਹਿਨੇ ਹੋਏ ਸਨ| ਧਰਨੇ ਦੀ ਅਗਵਾਈ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ ਜਦਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਿਲ੍ਹੇ ਨਾਲ ਸਬੰਧਿਤ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ, ਗੁਰਬਚਨ ਸਿੰਘ ਕਰਮੂੰਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਭਲਾਈਪੁਰ, ਹਰਜਿੰਦਰ ਕੌਰ ਪੱਟੀ, ਸੁਖਵਰਸ਼ ਸਿੰਘ ਪੰਨੂੰ ਆਦਿ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ|
ਇਸ ਦੇ ਨਾਲ ਹੀ ਵੱਖਰੇ ਤੌਰ ਤੇ ਦਮਦਮੀ ਟਕਸਾਲ ਦੇ ਮੁਖੀ ਅਮਰੀਕ ਸਿੰਘ ਅਜਨਾਲਾ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਪਰਗਟ ਸਿੰਘ ਝਬਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸੂਬੇ ਅੰਦਰ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਗ੍ਰਿਫ਼ਤਾਰ ਕੀਤਾ ਜਾਵੇ।
ਜਲੰਧਰ (ਪਾਲ ਸਿੰਘ ਨੌਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘ ਦੀ ਰਿਹਾਈ ਲਈ ਗੁਰੂ ਨਾਨਕ ਮਿਸ਼ਨ ਚੌਕ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ। ਅੱਜ ਜਲੰਧਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸਿੱਖ ਸੰਗਤ ਵੱਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿੱਚ ਇੱਕਠੀ ਹੋਈ। ਇੱਥੋਂ ਅਰਦਾਸ ਕਰਨ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਟੀਨੂੰ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਬਲਦੇਵ ਸਿੰਘ ਕਲਿਆਣ, ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਵਿੱਚ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਅੱਜ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਆਰੰਭ ਹੋ ਕਰਕੇ ਦਫ਼ਤਰ ਡਿਪਟੀ ਕਮਿਸ਼ਨਰ ਤੱਕ ਸੰਗਤ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਡਿਪਟੀ ਕਮਿਸ਼ਨਰ ਜਲੰਧਰ ਰਾਹੀ ਮੰਗ ਪੱਤਰ ਸੌਂਪਿਆ ਗਿਆ।