ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਵਿੱਚ ਦੋ ਦਿਨਾਂ ਪੜਾਅ ਮਗਰੋਂ ਰਵਾਨਗੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਅੱਜ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਖਾਲਸਾਈ ਜਾਹੋ-ਜਲਾਲ ਨਾਲ ਔਰੰਗਾਬਾਦ ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਦਿੱਖ ਨਾਲ ਸਮੁੱਚਾ ਸ਼ਹਿਰ ਖ਼ਾਲਸਾਈ ਰੰਗਤ ਵਿਚ ਰੰਗਿਆ ਹੋਇਆ ਸੀ। ਇਸੇ ਦੌਰਾਨ ਬੀਤੀ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਤਖਤ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਤਖ਼ਤ ਦੀ ਪ੍ਰੰਪਰਾ ਅਤੇ ਪੁਰਾਤਨ ਰਵਾਇਤ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਦਾ ਸਨਮਾਨ ਕੀਤਾ।
ਇਸ ਤੋਂ ਪਹਿਲਾਂ ਗੁਰਦੁਆਰਾ ਲੰਗਰ ਸਾਹਿਬ ਵਿਖੇ ਵੀ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸਾਹਿਬਾਨ ਦਾ ਸਿੱਖ ਦੇ ਜੀਵਨ ਵਿਚ ਵੱਡਾ ਮਹੱਤਵ ਹੈ ਅਤੇ ਤਖ਼ਤਾਂ ਦੀ ਰਹਿਨੁਮਾਈ ਹੇਠ ਹੀ ਕੌਮ ਦੀ ਸ਼ਕਤੀ ਪ੍ਰਬਲ ਹੁੰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸਾਹਿਬ ’ਤੇ ਸਮਾਗਮ ਕਰਕੇ ਨਗਰ ਕੀਰਤਨ ਦੀ ਰਵਾਨਗੀ ਸੰਗਤ ਵਿਚ ਹੋਰ ਉਤਸ਼ਾਹ ਭਰੇਗੀ। ਇਹ ਇਤਿਹਾਸਕ ਨਗਰ ਕੀਰਤਨ ਇਸ ਲਈ ਹੋਰ ਵੀ ਮਹੱਤਵ ਵਾਲਾ ਹੈ ਕਿਉਂਕਿ ਇਹ ਪੰਜਾਂ ਤਖ਼ਤਾਂ ਦੀ ਯਾਤਰਾ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਸੰਪੂਰਨ ਹੋਵੇਗਾ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਹਾਜ਼ਰ ਸਨ।