ਸ਼ਹੀਦੀ ਸ਼ਤਾਬਦੀ: ਸਾਗਰ ’ਚ ਨਗਰ ਕੀਰਤਨ ਦਾ ਨਿੱਘਾ ਸਵਾਗਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਤੋਂ ਰਵਾਨਾ ਹੋ ਕੇ ਸਾਗਰ (ਭਗਵਾਨ ਗੰਜ) ਵਿੱਚ ਪੁੱਜਿਆ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ। ਇਸੇ ਤਹਿਤ ਗੁਰਦੁਆਰਾ ਇਸਰਪ੍ਰਕਾਸ਼ ਵਰਿਆਮਸਰ ਪੁਆਰਗੜ੍ਹ, ਸੰਸਕ੍ਰਿਤੀ ਸਕੂਲ ਅਕੈਡਮੀ, ਦਸਮੇਸ਼ ਇੰਜੀਨੀਅਰਿੰਗ ਵਰਕਸ ਵਿਖੇ ਵੀ ਸੰਗਤਾਂ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਵਿਧਾਇਕ ਹਰੀ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਤੇ ਹੋਰਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਅਮਰਜੀਤ ਸਿੰਘ ਜਿੰਦਵੜੀ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ ਸਮੇਤ ਸੰਗਤ ਹਾਜ਼ਰ ਸੀ।