ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਨੇ ਆਨੰਦਪੁਰ ਸਾਹਿਬ ਲਈ ਚਾਲੇ ਪਾਏ
ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜਾ ਸੀ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਤੋਂ ਤਰਨ ਤਾਰਨ ਰਸਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾਣ ਲਈ ਰਵਾਨਾ ਹੋਇਆ।
ਪੰਜਾਬ ਸਰਕਾਰ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਡੇਰੇ ਤੋਂ ਅਰਦਾਸ ਮਗਰੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਸਮਾਗਮ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ’ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।
