DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਮੰਦਰ ਸਾਹਿਬ ’ਚ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰਦੁਆਰਾ ਗੁਰੂ ਕੇ ਮਹਿਲ ਅਤੇ ਚੀਫ ਖਾਲਸਾ ਦੀਵਾਨ ਦੇ ਗੁਰਦੁਆਰੇ ਵਿੱਚ ਵੀ ਪਾਠ ਦੇ ਭੋਗ ਪਾਏ

  • fb
  • twitter
  • whatsapp
  • whatsapp
Advertisement
ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਹਰਿਮੰਦਰ ਸਾਹਿਬ ਵਿਖੇ ਇਹ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਸਬੰਧ ਵਿੱਚ ਗੁਰਮਤਿ ਸਮਾਗਮ ਕੀਤੇ ਗਏ ਅਤੇ ਅਖੰਡ ਪਾਠ ਦੇ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ਤੇ ਇਸ ਦਿਵਸ ਨੂੰ ਅੱਜ ਸ਼ਰਧਾ ਨਾਲ ਮਨਾਇਆ ਗਿਆ ਹੈ।

ਇਸੇ ਤਹਿਤ ਅੱਜ ਹਰਿਮੰਦਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਮੁੱਖ ਸਮਾਗਮ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੇ ਗਏ ਹਨ। ਇਸ ਸਬੰਧ ਵਿੱਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਹੈ। ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਦਾ ਰਿਹਾ, ਜੋ ਦੇਰ ਰਾਤ ਤੱਕ ਜਾਰੀ ਰਹੇਗਾ।

Advertisement

ਇਸੇ ਤਰ੍ਹਾਂ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਸਨ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਬੀਤੇ ਕੱਲ੍ਹ ਇਸੇ ਸਬੰਧ ਵਿੱਚ ਨਗਰ ਕੀਰਤਨ ਵੀ ਸਜਾਇਆ ਗਿਆ ਸੀ ਜੋ ਅਕਾਲ ਤਖਤ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਇਆ ਸੀ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਵਿੱਚ ਅੱਜ ਜ਼ਿਲ੍ਹਾ ਭਾਜਪਾ ਆਗੂ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਹੋਰ ਭਾਜਪਾ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਨਤਮਸਤਕ ਹੋਏ ਹਨ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਦੀ ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ।

Advertisement

ਬਾਕਸ-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਉਪਰੰਤ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਵੱਖ-ਵੱਖ ਸੀ ਕੇ ਡੀ ਸਕੂਲਾਂ ਦੇ ਸੰਗੀਤ ਅਧਿਆਪਕਾਂ ਦੇ ਕੀਰਤਨੀ ਜਥਿਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਤੇਗ਼ ਬਹਾਦਰ ਦੀ ਲਾਸਾਨੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਤਮਸਤਕ ਹੁੰਦਿਆਂ ਕਿਹਾ ਕਿ ਸ਼ਹਾਦਤ ਦਾ ਸਿਧਾਂਤ ਅਤੇ ਪਰੰਪਰਾ ਸਿੱਖ ਇਤਿਹਾਸ ਦੀ ਇਕ ਨਿਵੇਕਲੀ ਪਹਿਚਾਣ ਹੈ। ਸੱਚ, ਹੱਕ ਅਤੇ ਧਰਮ ਦੀ ਖਾਤਰ ਸ਼ਹੀਦੀ ਦੇਣ ਵਾਲੇ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਨੂੰ ਪਰ-ਉਪਕਾਰ, ਨਿਰਭੈਤਾ ਅਤੇ ਦ੍ਰਿੜਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਸ਼ਹਾਦਤਾਂ ਭਰੇ ਇਤਿਹਾਸ ਅਤੇ ਵਿਰਸੇ ਤੇ ਮਾਣ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋ ਸੇਧ ਲੈ ਕੇ ਉੱਚੀ-ਸੁੱਚੀ ਜੀਵਨ ਜਾਚ ਅਪਨਾਉਣ ਦੀ ਪ੍ਰੇਰਨਾ ਦਿੱਤੀ।

Advertisement
×