MC Removes Illegal Encroachments: ਖ਼ਾਲਸਾ ਕਾਲਜ ਸਾਹਮਣਿਓਂ ਨਾਜਾਇਜ਼ ਕਬਜ਼ੇ ਹਟਾਏ
ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ
ਨਗਰ ਨਿਗਮ ਅੰਮ੍ਰਿਤਸਰ ਵੱਲੋਂ ਖ਼ਾਲਸਾ ਕਾਲਜ ਦੇ ਸਾਹਮਣੇ ਸੜਕਾਂ ’ਤੇ ਕੀਤੇ ਗਏ ਗ਼ੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਵੱਲੋਂ ਜਨਤਕ ਸੜਕਾਂ ਅਤੇ ਥਾਵਾਂ ’ਤੇ ਰੇਹੜੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਸਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ। ਮੁਹਿੰਮ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਸੜਕਾਂ ਅਤੇ ਜਨਤਕ ਆਵਾਜਾਈ ਵਿੱਚ ਰੁਕਾਵਟ ਬਣ ਰਹੇ ਕਬਜ਼ੇ ਹਟਾਏ ਗਏ ਅਤੇ ਜਨਤਕ ਥਾਵਾਂ ’ਤੇ ਰੱਖਿਆ ਗਿਆ ਸਾਮਾਨ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਗਈ। ਕਬਜ਼ਾਧਾਰੀਆਂ ਨੂੰ ਮੁੜ ਕਬਜ਼ਾ ਨਾ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ ਗਈ ਅਤੇ ਸਪੱਸ਼ਟ ਕੀਤਾ ਗਿਆ ਕਿ ਵਾਰ-ਵਾਰ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਐਡੀਸ਼ਨਲ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਇਸ ਮੁਹਿੰਮ ਦੀ ਨਿਗਰਾਨੀ ਸੈਕਟਰੀ-ਕਮ-ਅਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਫੀਲਡ ਟੀਮ ਦੀ ਅਗਵਾਈ ਇੰਸਪੈਕਟਰ ਅਮਨ ਕੁਮਾਰ ਨੇ ਕੀਤੀ ਜਦਕਿ ਨਗਰ ਨਿਗਮ ਪੁਲੀਸ ਕਰਮਚਾਰੀਆਂ ਵੱਲੋਂ ਵੀ ਮੁਹਿੰਮ ਦੌਰਾਨ ਸਹਿਯੋਗ ਦਿੱਤਾ ਗਿਆ।

