ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਮੈਂਬਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ।

ਜਤਿੰਦਰ ਬੈਂਸ

ਗੁਰਦਾਸਪੁਰ, 9 ਅਗਸਤ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਖਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁੱਗਰੀ ਦੀ ਅਗਵਾਈ ਹੇਠ ਇਥੇ ਬਾਊਪੁਰ ਅਫ਼ਗਾਨਾ ਵਿੱਚ ਡੇਰਾ ਬਾਬਾ ਨਾਨਕ ਨੂੰ ਜਾਂਦੀ ਸੜਕ ਉੱਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਬੁਲਾਰਿਆਂ ਸੰਬੋਧਨ ਕਰਦੇ ਕਿਹਾ ਕਿ ਕਰੋਨਾ ਮਹਾਮਾਰੀ ਦੀ ਆੜ ਹੇਠ ਤਿੰਨ ਖੇਤੀ ਆਰਡੀਨੈਂੱਸ ਅਤੇ ਬਿਜਲੀ ਸੋਧ ਐਕਟ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਮਾਡਲ ਪਹਿਲਾਂ ਹੀ ਬਿਹਾਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਕਾਰਨ ਦੇਸ਼ ਦੀ 99 ਫੀਸਦ ਆਬਾਦੀ ਦੀ ਤਬਾਹੀ ਤੈਅ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨ ਦੀ ਨਹੀਂ ਸਗੋਂ ਮਜ਼ਦੂਰ, ਦੁਕਾਨਦਾਰ, ਵਪਾਰੀ, ਆੜ੍ਹਤੀਏ ਅਤੇ ਮੁਲਾਜ਼ਮ ਸਮੇੇਤ ਹੋਰ ਵਰਗ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਕਿਸੇ ਕੀਮਤ ਉੱਤੇ ਸਫ਼ਲ ਨਹੀ ਹੋਣ ਦੇਣਗੇ।

ਸੰਘਰਸ਼ ਕਮੇਟੀ ਦੇ ਪੈ੍ਰਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਕਿਸਾਨ/ਮਜ਼ਦੂਰ ਸੰਘਰਸ਼ ਕਮੇਟੀ ਨੇ ਮਾਰਚ ਮਹੀਨੇ ਤੋਂ ਕੇਂਦਰ ਸਰਕਾਰ ਖਿਲਾਫ਼ ਲਗਾਤਾਰ ਮੋਰਚਾ ਖੋਲ੍ਹਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗਲੇ ਦਿਨਾਂ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦੀ ਲਾਮਬੰਦੀ ਕਰਕੇ ਸੱਤ ਸਤੰਬਰ ਤੋਂ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਮੂੁਹਰੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਥੇਬੰਦੀ ਖਾੜਕੂ ਸੰਘਰਸ਼ ਰਾਹੀਂ ਜੇਲ੍ਹਾਂ ਦਾ ਬੂਹਾ ਖੋਲ੍ਹਣ ਲਈ ਮਜ਼ਬੂਰ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਬਾਊਪੁਰ ਅਫਗਾਨਾ ਵਿੱਚ ਮੀਟਿੰਗ ਕਰਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਇੱਕ 21 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਗੁਰਦੇਵ ਸਿੰਘ ਨੂੰ ਪ੍ਰਧਾਨ, ਸੁਖਦੇਵ ਰਾਜ ਸਕੱਤਰ, ਬਖਸ਼ੀਸ਼ ਸਿੰਘ ਖਜ਼ਾਨਚੀ ਚੁਣਿਆ ਗਿਆ। ਰਾਜ ਕੁਮਾਰ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਰਾਜਿੰਦਰ ਸਿੰਘ, ਸੁਖਦੇਵ ਸਿੰਘ, ਜਤਿੰਦਰ ਕੁਮਾਰ, ਕਰਮਜੀਤ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All