ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮੰਗਾਂ ਲਈ ਰੋਸ ਪ੍ਰਗਟਾਵਾ
ਇਥੇ ਹਲਕਾ ਕਾਦੀਆਂ ਦੇ ਪਿੰਡ ਜਾਗੋਵਾਲ ਬੇਟ ਵਿੱਚ ਮਿੱਡ-ਡੇਅ ਮੀਲ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਰਤਨ ਕੌਰ ਜਾਗੋਵਾਲ ਅਤੇ ਰਾਜਵਿੰਦਰ ਕੌਰ ਗੁੰਨੋਪੁਰ ਨੇ ਸਾਂਝੇ ਤੌਰ ’ਤੇ ਕੀਤੀ। ਮੀਟਿੰਗ ’ਚ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਗੁਰਦਾਸਪੁਰ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਵੜੈਚ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਿੱਡ-ਡੇਅ ਮੀਲ ਵਰਕਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਿੱਡ-ਡੇਅ ਵਰਕਰਾਂ ਨੂੰ ਲਾਰੇ ਲੱਪੇ ਲਾ ਕੇ ਤਿੰਨ ਸਾਲ ਤੋਂ ਵੱਧ ਸਮਾਂ ਲੰਘਾ ਦਿੱਤਾ ਹੈ ਪਰ ਹਾਲੇ ਤੱਕ ਮੰਨੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਕਰਨ ਵਿੱਚ ਨਾਕਾਮ ਰਹੀ ਹੈ। ਮਿੱਡ- ਡੇਅ ਮੀਲ ਵਰਕਰਾਂ ਦੇ ਮਾਣ ਭੱਤੇ ਵਿੱਚ ਇਕ ਰੁਪਏ ਦਾ ਵੀ ਵਾਧਾ ਨਹੀਂ ਕੀਤਾ ਤੇ ਹੋਰ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਇਸ ਮੌਕੇ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਲਾਹੌਰੀਆ ਨੇ ਕਿਹਾ ਆਉਣ ਵਾਲੇ ਸਮੇਂ ਵਿੱਚ ਫੈਡਰੇਸ਼ਨ ਦੀ ਦੇਖ ਰੇਖ ਵਿੱਚ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਕੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਅਤੇ ਪੰਜਾਬ ਪੱਧਰੀ ਸੰਘਰਸ਼ ਦੇ ਐਲਾਨ ਕੀਤੇ ਜਾਣਗੇ।