ਦਲਬੀਰ ਸੱਖੋਵਾਲੀਆ
ਬਟਾਲਾ, 28 ਨਵੰਬਰ
ਪਸ਼ੂ ਪਾਲਣ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਇੱਥੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਜਵਾ ਨੇ ਦੱਸਿਆ ਕਿ ਸਥਾਨਕ ਬਾਸ਼ਿੰਦਿਆਂ ਦੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ਵਿੱਚ ਹੈ। ਉਨ੍ਹਾਂ ਕਾਂਗਰਸ ਦੇ ਸਥਾਨਕ ਵਿਧਾਇਕ ਅਸ਼ਵਨੀ ਸੇਖੜੀ ਵੱਲੋਂ ਲਗਾਏ ਜਾਂਦੇ ਇਲਜ਼ਾਮਾਂ ਨੂੰ ਬੇਬੁਨਿਆਂਦ ਦੱਸਦਿਆਂ ਕਿਹਾ ਕਿ ਜੇਕਰ ਉਸ ਕੋਲ ਕੋਈ ਪੁਖਤਾ ਸਬੂਤ ਹਨ ਤਾਂ ਉਹ ਇਸ ਸਬੰਧੀ ਹਲਫੀਆਂ ਬਿਆਨ ਦੇਣ।
ਮੰਤਰੀ ਬਾਜਵਾ ਨੇ ਕਿਹਾ ਕਿ ਜਲਦ ਹੀ 20 ਲੱਖ ਰੁਪਏ ਦੀ ਹੋਰ ਗ੍ਰਾਂਟ ਗਊਸ਼ਾਲਾ ਨੂੰ ਦਿੱਤੀ ਜਾਵੇਗੀ। ਇਸ ਮੌਕੇ ਦੈਨਿਕ ਪ੍ਰਾਥਨਾ ਸਭਾ ਦੇ ਪ੍ਰਧਾਨ ਅਸ਼ੋਕ ਅਗਰਵਾਲ ਨੇ ਕੈਬਨਿਟ ਮੰਤਰੀ ਬਾਜਵਾ ਦਾ ਗਊਸ਼ਾਲਾ ਨੂੰ ਵਿਸ਼ੇਸ਼ ਗ੍ਰਾਂਟ ਦੇਣ ਅਤੇ ਸਮੁੱਚੇ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸ਼ੁਕਰੀਆ ਅਦਾ ਕੀਤਾ।