ਮੰਤਰੀ ਵੱਲੋਂ 2.87 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬਰਵਾਲਾ, ਤੁੰਗ, ਬੂਹ ਅਤੇ ਗੰਡੀਵਿੰਡ ਵਿੱਚ 2.87 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਮੰਤਰੀ ਭੁੱਲਰ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਨੇੜੇ 1.40 ਕਰੋੜ ਰੁਪਏ ਦੀ ਲਾਗਤ ਨਾਲ ਹੈੱਲਥ ਤੇ ਵੈਲਨੈਸ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਬਰਵਾਲਾ ਵਿੱਚ 7.85 ਲੱਖ ਰੁਪਏ ਦੀ ਲਾਗਤ ਆਂਗਣਵਾੜੀ ਸੈਂਟਰ ਬਣਾਉਣ ਦਾ ਵੀ ਨੀਂਹ ਪੱਥਰ ਰੱਖਿਆ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਗੰਡੀਵਿੰਡ ਵਿੱਚ 1.40 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਇਸ ਟੈਂਕੀ ਨੂੰ ਚਲਾਉਣ ਲਈ 10.66 ਕਿਲੋਵਾਟ ਦਾ ਸੋਲਰ ਪੈਨਲ ਦੀ ਲਗਵਾਇਆ ਜਾਵੇਗਾ ਜਿਸ ਨਾਲ ਲੋਕਾਂ ਨੂੰ ਲਗਾਤਾਰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲ ਸਕੇਗੀ। ਇਸ ਟੈਂਕੀ ਨਾਲ 459 ਘਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਅਮਰਜੀਤ ਸਿੰਘ ਬਰਵਾਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ|