ਪੱਤਰ ਪ੍ਰੇਰਕ
ਰਈਆ, 13 ਜੁਲਾਈ
ਨਗਰ ਪੰਚਾਇਤ ਰਈਆ ਦੇ ਕੂੜੇ ਕਰਕਟ ਦੀ ਸੰਭਾਲ ਲਈ ਲਾਏ ਟਰੀਟਮੈਂਟ ਪਲਾਂਟ ਦਾ ਉਦਘਾਟਨ ਵਿਧਾਇਕ ਦਲਬੀਰ ਸਿੰਘ ਟੌਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਕੂੜਾ ਕਰਕਟ ਨੂੰ ਅਲੱਗ ਅਲੱਗ ਕਰ ਕੇ ਖਾਦ ਤਿਆਰ ਕਰਨ ਲਈ ਗਿੱਲਾ ਕੂੜਾ, ਸੁੱਕਾ ਕੂੜਾ ਅਤੇ ਕਬਾੜ ਵਗ਼ੈਰਾ ਨੂੰ ਅਲੱਗ ਅਲੱਗ ਕਰਨ ਲਈ ਮਸ਼ੀਨਾਂ ਨਗਰ ਪੰਚਾਇਤ ਦਫ਼ਤਰ ਵਿੱਚ ਮੌਜੂਦ ਸਨ। ਪਰ ਰਾਜਸੀ ਪਾਰਟੀਆਂ ਦੇ ਆਗੂਆਂ ਕਾਰਨ ਇਹ ਕੰਮ ਸਿਰੇ ਨਹੀਂ ਸੀ ਚੜ੍ਹ ਸਕਿਆ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦਾ ਸਹਿਯੋਗ ਕਰਨ। ਸੀਵਰੇਜ ਅਤੇ ਸਫ਼ਾਈ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਕੰਗ ਨੇ ਕਿਹਾ ਕਿ ਕਸਬੇ ਨੂੰ ਸਾਫ਼ ਸੁਥਰਾ ਅਤੇ ਸਵੱਛ ਬਣਾਉਣ ਲਈ ਰਵਾਇਤੀ ਪਾਰਟੀਆਂ ਦੇ ਕੁਝ ਲੀਡਰਾਂ ਵੱਲੋਂ ਅੜਚਣਾਂ ਪਾਈਆਂ ਜਾ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਮ ਲੋਕ ਇਨ੍ਹਾਂ ਖ਼ਿਲਾਫ਼ ਮੋਰਚਾਬੰਦੀ ਕਰ ਕੇ ਇਨ੍ਹਾਂ ਨੂੰ ਆਮ ਲੋਕਾਂ ਸਾਹਮਣੇ ਲਿਆਉਣਗੇ। ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।