ਖੇਤਰੀ ਪ੍ਰਤੀਨਿਧ
ਬਟਾਲਾ, 25 ਜੁਲਾਈ
ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਕੋਲੋਂ ਸਹਿਯੋਗ ਮੰਗਿਆ। ਅੱਜ ਬਟਾਲਾ ਕਲੱਬ ਵਿੱਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਪ੍ਰਮੁੱਖ ਸਨਅਤਕਾਰਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਖੂਬਸੂਰਤ ਦਿੱਖ ਦੇਣ ਦੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ ਹਨ ਜਿਸ ਵਿਚ ਸ਼ਹਿਰ ਵਾਸੀਆਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਚੌਂਕਾਂ ’ਤੇ ਐੱਲਈਡੀ ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਜਿੱਥੇ ਕਾਰੋਬਾਰੀ ਅਦਾਰੇ ਆਪਣੀ ਮਸ਼ਹੂਰੀ ਕਰਵਾ ਸਕਣਗੇ ਜਿਸ ਨਾਲ ਨਗਰ ਨਿਗਮ ਨੂੰ ਵੀ ਆਮਦਨ ਹੋਵੇਗੀ। ਉਨ੍ਹਾਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਉੱਘੀਆਂ ਹਸਤੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ-ਇੱਕ ਚੌਕ ਨੂੰ ਗੋਦ ਲੈਣ ਅਤੇ ਉਸ ਨੂੰ ਖੂਬਸੂਰਤ ਬਣਾ ਕੇ ਉਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਲੈਣ। ਉਨ੍ਹਾਂ ਕਿਹਾ ਕਿ ਸੜਕਾਂ ਕਿਨਾਰੇ ਸ਼ਹਿਰ ਦੀਆਂ ਕੰਧਾਂ ਉੱਤੇ ਖੂਬਸੂਰਤ ਪੇਂਟਿੰਗ ਕੀਤੀਆਂ ਜਾਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਵਿੱਚ ਵੀ ਹਰ ਸ਼ਹਿਰ ਵਾਸੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਐੱਸਡੀਐੱਮ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸ਼ਾਇਰੀ ਮਲਹੋਤਰਾ ਨੇ ਕਿਹਾ ਕਿ ਸ਼ਹਿਰ ਵਿੱਚ ਚੌਕਾਂ ਦੇ ਸੁੰਦਰੀਕਰਨ ਦੇ ਨਾਲ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫ਼ਾਈ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ, ਯਸ਼ਪਾਲ ਚੌਹਾਨ, ਵੀਕੇ ਸਹਿਗਲ, ਰਾਜੀਵ ਵਿੱਗ, ਸਤੀਸ਼ ਕੁਮਾਰ, ਰਾਜੇਸ਼ ਮਰਵਾਹਾ ਆਦਿ ਮੋਹਤਬਰਾਂ ਨੇ ਸੁੰਦਰੀਕਰਨ ਸਬੰਧੀ ਸੁਝਾਅ ਦਿੱਤੇ।