ਪੱਤਰ ਪ੍ਰੇਰਕ
ਅੰਮ੍ਰਿਤਸਰ, 30 ਅਪਰੈਲ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸੂਬਾ ਹੈੱਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਚ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਖੇਤੀ ਮੋਟਰਾਂ ਨੂੰ ਅੱਠ ਘੰਟੇ ਅਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦੇਣ ਦੀ ਮੰਗ ਕੀਤੀ। ਪੰਜਾਬ ਦੇ ਬਿਜਲੀ ਸੰਕਟ ਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਜਿਵੇਂ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਾਉਣ, ਕਣਕ ਉੱਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ 5 ਮਈ ਨੂੰ ਪੰਜਾਬ ਦੇ 15 ਡੀਸੀ ਦਫ਼ਤਰਾਂ ਅੱਗੇ ਧਰਨੇ ਦੇਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇੱਕ ਹੋਰ ਮਤੇ ਰਾਹੀਂ ਪਟਿਆਲਾ ਵਿੱਚ ਦੋ ਫ਼ਿਰਕਿਆਂ ਵਿਚ ਹੋਏ ਟਕਰਾਅ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਰ ਕੇ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ ਮਾਫੀਆ, ਧਰਤੀ, ਹਵਾ, ਪਾਣੀ ਦੀ ਹੋ ਰਹੀ ਤਬਾਹੀ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਨਿੱਜੀ ਸਕੂਲ, ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰਨ ਦੀ ਅਪੀਲ ਕੀਤੀ।