ਪੱਤਰ ਪ੍ਰੇਰਕ
ਅਟਾਰੀ, 28 ਅਗਸਤ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਦੀ ਅਗਵਾਈ ਤੇ ਮੰਗਲ ਸਿੰਘ ਅਤੇ ਅਜੀਤ ਸਿੰਘ ਭੱਗੂਪੁਰ ਦੀ ਪ੍ਰਧਾਨਗੀ ਹੇਠ ਪਿੰਡ ਭੱਗੂਪੁਰ ਤਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਹਿਕਾਰੀ ਸੁਸਾਇਟੀਆਂ ਵੱਲੋਂ ਢਾਈ ਤੋਂ ਪੰਜ ਏਕੜ ਵਾਲੇ ਕਿਸਾਨਾਂ ਦੇ ਕਰਜ਼ੇ ਨਾ ਮੁਆਫ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਢਾਈ ਤੋਂ ਪੰਜ ਏਕੜ ਵਾਲੇ ਕਿਸਾਨਾਂ ਦੇ ਸੁਸਾਇਟੀਆਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਜਿਸ ਉਪਰੰਤ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਕਾਗਜ਼- ਪੱਤਰ ਮੁਕੰਮਲ ਤੇ ਦਰੁਸਤ ਹੋਣ ਦੇ ਬਾਵਜੂਦ ਕਿਸਾਨਾਂ ਦੇ ਖ਼ਾਤੇ ਵਿੱਚ ਪੈਸੇ ਨਹੀਂ ਸਨ ਪਾਏ ਗਏ। ਹੁਣ ਇਨ੍ਹਾਂ ਕਿਸਾਨਾਂ ਨੂੰ ਵਿਆਜ ਲਾਇਆ ਜਾ ਰਿਹਾ ਹੈ ਅਤੇ ਕਰਜ਼ੇ ਉਵੇਂ ਹੀ ਖੜ੍ਹੇ ਹਨ। ਕਿਸਾਨਾਂ ਨੂੰ ਡਿਫਾਲਟਰ ਕਰਾਰ ਦਿੰਦਿਆਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਕਰਜ਼ੇ ਤੁਰੰਤ ਮੁਆਫ਼ ਕੀਤੇ ਜਾਣ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਉਸ ਕਰਜ਼ੇ ਲਈ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਨੇ ਵੀ ਆਪਣੇ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਕੀਤੀ ਸੀ। ਪਰ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਚੁੱਪ ਵੱਟੀ ਹੋਈ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਤੁਰੰਤ ਮੁਆਫ਼ ਕਰ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੰਮ੍ਰਿਤਸਰ ਵਿਖੇ ਪਹਿਲੀ ਸਤੰਬਰ ਨੂੰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਵਿਜੇ ਸ਼ਾਹ, ਅੰਗਰੇਜ਼ ਸਿੰਘ, ਸਤਨਾਮ ਸਿੰਘ, ਲੱਖਾ ਸਿੰਘ, ਕਾਬਲ ਸਿੰਘ, ਮੁਖਤਾਰ ਸਿੰਘ, ਗਰਵਿੰਦਰ ਸਿੰਘ, ਲਾਹੌਰ ਸਿੰਘ ਆਦਿ ਹਾਜ਼ਰ ਸਨ।