MP Sukhjinder Singh Randhawa: ਭਾਜਪਾ ਪੰਜਾਬ ਨੂੰ ਬਦਨਾਮ ਕਰ ਰਹੀ: ਰੰਧਾਵਾ
ਨਸ਼ੇ, ਗੈਂਗਸਟਰਵਾਦ ਅਤੇ ਸੁਰੱਖਿਆ ਦੇ ਮੁੱਦੇ ’ਤੇ ਲੋਕ ਸਭਾ ਮੈਂਬਰ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ
ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ, ਸਰਹੱਦ ਪਾਰ ਤੋਂ ਆ ਰਹੇ ਡਰੋਨਾਂ ਅਤੇ ਹਥਿਆਰਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਾਲਾਤਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹੁਣ ਤੱਕ 10 ਤੋਂ 15 ਪੱਤਰ ਲਿਖ ਚੁੱਕੇ ਹਨ। ਰੰਧਾਵਾ ਨੇ ਇਸ ਮਾਮਲੇ ‘ਤੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਹੱਦ ਪਾਰ ਤੋਂ ਆ ਰਹੇ ਨਸ਼ਿਆਂ ਅਤੇ ਡਰੋਨਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ, ਦੂਜੇ ਪਾਸੇ ਪੰਜਾਬ ਪੁਲੀਸ ਅਜਿਹੇ ਹਾਲਾਤਾਂ ਵਿੱਚ ਪਹੁੰਚ ਗਈ ਹੈ ਕਿ ਲੋਕਾਂ ਦੇ ਸਾਹਮਣੇ ਆਉਣ ਤੋਂ ਵੀ ਬਚ ਰਹੀ ਹੈ।
ਭਾਜਪਾ ਵੱਲੋਂ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 30 ਸਤੰਬਰ ਨੂੰ ਪੰਜਾਬ ਆ ਕੇ ਸਿਰਫ਼ ਭਾਸ਼ਣ ਨਾ ਦੇਣ, ਸਗੋਂ ਨਾਰਕੋਟਿਕਸ ਵਿਭਾਗ ਵਿੱਚ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ, ਪਾਕਿਸਤਾਨ ਸਰਹੱਦ ਦਾ ਦੌਰਾ ਕਰਨ ਅਤੇ ਡਰੋਨਾਂ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ। ਸ੍ਰੀ ਰੰਧਾਵਾ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਕੇਸ ਦਰਜ ਹਨ, ਫਿਰ ਵੀ ਉਹ ਜੇਲ੍ਹ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਾਗੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹਾਲਾਤ ਬਦਲ ਸਕਦੇ ਹਨ। ਇਸ ਮੌਕੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸੱਚਰ, ਜੋਗਿੰਦਰ ਪਾਲ ਢੀਂਗਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

