ਕੇ.ਪੀ ਸਿੰਘ
ਗੁਰਦਾਸਪੁਰ, 4 ਜੁਲਾਈ
ਪ੍ਰਦੇਸ਼ ਭਾਜਪਾ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੱਜ ਗੁਰਦਾਸਪੁਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੇ ਬਿਹਤਰ ਭਵਿੱਖ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਾਨੂੰਨ ਲਿਆਂਦੇ ਗਏ ਹਨ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਨੇਤਾਵਾਂ ਦੇ ਇਸ ਸਬੰਧੀ ਬਿਆਨਾਂ ਨੂੰ ਗੁਮਰਾਹਕੁਨ ਦੱਸਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਨੂੰਨ ਵਿੱਚ ਕਿਸਾਨਾਂ ਦੀ ਫ਼ਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੀਤੀ ਜਾਵੇਗੀ।ਸ੍ਰੀ ਮਲਿਕ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਇਨ੍ਹਾਂ ਨੇਤਾਵਾਂ ਨੂੰ ਪਹਿਲਾਂ ਕੇਂਦਰ ਵੱਲੋਂ ਪਾਸ ਕੀਤੇ ਕਾਨੂੰਨ ਬਾਰੇ ਚੰਗੀ ਤਰ੍ਹਾਂ ਪੜ੍ਹਨ ਤੋਂ ਬਾਅਦ ਇਸ ਬਾਰੇ ਬਿਆਨ ਦੇਣਾ ਚਾਹੀਦਾ ਹੈ।