Mukerian Highway Blockade: ਮੁਕੇਰੀਆਂ ਤੇ ਭੰਗਾਲਾ ਵਿੱਚ ਸੜਕੀ ਆਵਾਜਾਈ ਠੱਪ ਰਹੀ
ਸ਼ਹਿਰਾਂ ਅਤੇ ਕਸਬਿਆਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾ ਦਿਵਾੳੁਣ ਲੲੀ ਪੈਦਲ ਮਾਰਚ ਕੀਤੇ
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਮਾਲਕ ਵਲੋਂ ਹੱਤਿਆ ਦੇ ਵਿਰੋਧ ਵਿੱਚ ਮੁਕੇਰੀਆਂ ਦੇ ਮਾਤਾ ਰਾਣੀ ਚੌਕ ਅਤੇ ਭੰਗਾਲਾ ਵਿੱਚ ਕੌਮੀ ਮਾਰਗ ’ਤੇ ਜਾਮ ਲਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕਾ ਇੰਦੂ ਬਾਲਾ, ਯੂਥ ਆਗੂ ਬਿਕਰਮ ਸਿੰਘ ਅੱਲਾ ਬਖਸ਼, ਅਕਾਲੀ ਦਲ ਦੇ ਹਲਕਾ ਇੰਚਾਰਜ ਵਰਿੰਦਰ ਲਗਵਾਲ ਨੇ ਨਸ਼ਿਆਂ ਵਿਰੋਧੀ ਸਰਕਾਰ ਦੀ ਮਨਸ਼ਾ ’ਤੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਸਮੂਹ ਸੰਗਤ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਦਸੂਹਾ (ਭਗਵਾਨ ਦਾਸ ਸੰਦਲ): ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵਪਾਰ ਮੰਡਲ ਦਸੂਹਾ ਨਾਲ ਸਬੰਧਤ ਵੱਖ-ਵੱਖ ਟਰੇਡ ਯੂਨੀਅਨਾਂ ਨੇ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖ ਕੇ ਪ੍ਰਦਰਸ਼ਨਕਾਰੀਆਂ ਦੀ ਮੰਗ ਦਾ ਸਮਰਥਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਥਾਣਾ ਮੁਹਰੇ ਸਰਕਾਰ ਪੁਤਲਾ ਫੂਕਿਆ। ਮਗਰੋਂ ਹਾਜੀਪੁਰ ਚੌਕ ਵਿੱਚ ਧਰਨਾ ਦੇ ਕੇ ਚੱਕਾ ਜਾਮ ਕੀਤਾ।
ਤਲਵਾੜਾ (ਨਿੱਜੀ ਪੱਤਰ ਪ੍ਰੇਰਕ): ਨੇੜਲੇ ਕਸਬਾ ਹਾਜੀਪੁਰ ਵਿੱਚ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਰੋਸ ਮਾਰਚ ਕਰ ਕੇ ਮੁਕੇਰੀਆਂ ਤਲਵਾੜਾ ਮਾਰਗ ’ਤੇ ਬੁੱਢਾਬੜ ਚੌਕ ਵਿੱਚ ਜਾਮ ਲਾਇਆ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪੱਟੀ (ਬੇਅੰਤ ਸਿੰਘ ਸੰਧੂ): ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਪੱਟੀ ਇਲਾਕਾ ਮੁਕੰਮਲ ਤੌਰ ’ਤੇ ਬੰਦ ਰਿਹਾ। ਬੰਦ ਦੌਰਾਨ ਬੱਸਾਂ ਦੀ ਆਵਾਜਾਈ ਵੀ ਠੱਪ ਰਹੀ। ਇਲਾਕੇ ਅੰਦਰ ਸਾਰੇ ਬੈਂਕਾਂ ਅੰਦਰ ਵਿੱਤੀ ਲੈਣ ਦੇਣ ਬੰਦ ਰਿਹਾ। ਮੈਡੀਕਲ ਸਟੋਰ ਅਤੇ ਹੋਰ ਵਪਾਰਕ ਅਦਾਰੇ ਮੁਕੰਮਲ ਤੌਰ ਤੇ ਬੰਦ ਰਹੇ। ਜਨਤਕ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਸ਼ਹਿਰ ਦੇ ਕੁੱਲਾ ਚੌਕ ਤੋਂ ਵੱਖ ਵੱਖ ਬਾਜ਼ਾਰਾਂ ਵਿੱਚ ਪੈਦਲ ਮਾਰਚ ਕੀਤਾ ਗਿਆ।
ਅਜਨਾਲਾ (ਸੁਖਦੇਵ ਸਿੰਘ): ਪੰਜਾਬ ਬੰਦ ਦੇ ਸੱਦੇ ਤਹਿਤ ਅਜਨਾਲਾ ਸ਼ਹਿਰ ਦੇ ਨਾਲ ਨਾਲ ਲੱਗਦੇ ਕਸਬੇ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ ਅਤੇ ਆਵਾਜਾਈ ਲਈ ਬੱਸਾਂ ਆਦਿ ਵੀ ਪੂਰੀਆਂ ਬੰਦ ਰਹੀਆਂ।

