ਨਿੱਜੀ ਪੱਤਰ ਪ੍ਰੇਰਕ
ਬਟਾਲਾ, 25 ਜੂਨ
ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਅਤੇ ਟਰੈਫਿਕ ਪੁਲੀਸ ਨੇ ਸਾਂਝੇ ਤੌਰ ’ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰਦਿਆਂ ਨਾਜਾਇਜ਼ ਕਬਜ਼ੇ ਹਟਾਏ। ਨਿਗਮ ਦੇ ਕਰਮਚਾਰੀਆਂ ਨੇ ਨਹਿਰੂ ਗੇਟ ਦੇ ਬਾਹਰਵਾਰ ਆਵਾਜਾਈ ਵਿੱਚ ਰੁਕਾਵਟ ਪਾ ਰਹੀਆਂ ਰੇਹੜੀਆਂ ਨੂੰ ਹਟਾਇਆ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਾਂ ਤੋਂ ਬਾਹਰ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਹਦਾਇਤ ਕੀਤੀ। ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਇਹ ਕਾਰਵਾਈ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਆਰੰਭੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਆਪਣੀ ਦੁਕਾਨ ਅੱਗੇ 10-10 ਫੁੱਟ ਤੱਕ ਸਾਮਾਨ ਸੜਕ ’ਤੇ ਰੱਖ ਕੇ ਰਸਤਾ ਤੰਗ ਕਰ ਦਿੰਦੇ ਹਨ ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲ ਆਉਂਦੀ ਹੈ। ਇਸ ਤੋਂ ਇਲਾਵਾ ਕੁਝ ਵਿਅਕਤੀਆਂ ਨੇ ਅਣ-ਅਧਿਕਾਰਤ ਤੌਰ ’ਤੇ ਸੜਕਾਂ ਕਿਨਾਰੇ ਖੋਖੇ ਤੇ ਰੇਹੜੀਆਂ ਲਗਾ ਲਈਆਂ ਹਨ ਜੋ ਕਿ ਆਵਾਜਾਈ ਵਿੱਚ ਰੁਕਾਵਟ ਪਾ ਕੇ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ।