ਜਗਤਾਰ ਸਿੰਘ ਛਿੱਤ
ਜੈਂਤੀਪੁਰ, 3 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 5 ਸਤੰਬਰ ਨੂੰ ਮੁਜ਼ੱਫਰਨਗਰ ’ਚ ਹੋ ਰਹੀ ਮਹਾਂ ਪੰਚਾਇਤ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਸ਼ਾਮਲ ਹੋਵੇਗਾ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਨੇ ਟੋਲ ਪਲਾਜ਼ਾ ਕੱਥੂਨੰਗਲ ਵਿਖੇ ਕਿਸਾਨਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮਾਰੂ ਖੇਤੀ ਕਾਲੇ ਕਾਨੂੰਨ, ਪਰਾਲੀ ਪ੍ਰਦੂਸ਼ਣ ਐਕਟ ਅਤੇ ਬਿਜਲੀ ਸ਼ੋਧ ਬਿੱਲ 2020 ਰੱਦ ਕਰਾਉਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਰਨਾਲ ਵਿਖੇ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਅਤੇ ਪੁਲੀਸ ਅਧਿਕਾਰੀਆਂ ਤੇ 302/ 307 ਦਾ ਮੁਕੱਦਮਾ ਦਰਜ਼ ਕੀਤਾ ਜਾਵੇ।
ਪਠਾਨਕੋਟ (ਪੱਤਰ ਪ੍ਰੇਰਕ) ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਨੇ 5 ਸਤੰਬਰ ਨੂੰ ਯੂਪੀ ’ਚ ਮੁਜ਼ਫਰ ਨਗਰ ’ਚ ਹੋ ਰਹੀ ਕਿਸਾਨ ਮਹਾਂਪੰਚਾਇਤ ’ਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਲਦਪਾਲਵਾਂ ਟੌਲ ਪਲਾਜਾ ’ਤੇ ਹੋਈ ਮੀਟਿੰਗ ’ਚ ਲਿਆ ਗਿਆ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਬਰਕਰਾਰ
ਨਵਾਂਸ਼ਹਿਰ (ਪੱਤਰ ਪ੍ਰੇਰਕ) ਅੱਜ ਕਿਰਤੀ ਕਿਸਾਨ ਯੂਨੀਅਨ ਨੇ ਇਲਾਕਾ ਨਵਾਂਸ਼ਹਿਰ ਦੀ ਮੀਟਿੰਗ ਕਰਕੇ 25 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਉੱਤੇ ਪਿੰਡ ਲੰਗੜੋਆ ਬਾਈਪਾਸ ਉੱਤੇ ਜਾਮ ਲਾਉਣ ਦਾ ਐਲਾਨ ਕੀਤਾ ਹੈ। ਇਸਦੀ ਤਿਆਰੀ ਲਈ ਪਿੰਡ ਸ਼ਹਾਬਪੁਰ ਵਿਖੇ ਯੂਨੀਅਨ ਦੇ ਵਰਕਰਾਂ ਦੀ ਵੱਡੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਸੰਯੁਕਤ ਕਿਸਾਨ ਮੋਰਚੇ ਦੇ 25 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਿਨ ਰਾਤ ਇਕ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਲਾਮਬੰਦੀ ਤੇ ਰੋਹ ਮੱਠੇ ਨਹੀਂ ਪਏ ਸਗੋਂ ਹੋਰ ਤਿੱਖੇ ਹੋਏ ਹਨ। ਉਨ੍ਹਾਂ ਯੂਨੀਅਨ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਬੰਦ ਦੀ ਤਿਆਰੀ ’ਚ ਜੁਟ ਜਾਣ।