ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 7 ਅਗਸਤ
ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਪਹੁੰਚਿਆ। ਇੱਥੇ ਪੁੱਜਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜੋਧ ਸਿੰਘ ਸਮਰਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਗੁਰੂ ਕੇ ਬਾਗ ਦੇ ਮੈਨੇਜਰ ਜਗਜੀਤ ਸਿੰਘ ਅਤੇ ਹੋਰ ਮੌਜੂਦ ਸਨ। ਨਗਰ ਕੀਰਤਨ ਨਾਲ ਪੁੱਜੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਜਗਜੀਤ ਸਿੰਘ ਬੁੱਟਰ ਨੇ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਸੀ। ਉਨ੍ਹਾਂ ਦੱਸਿਆ ਕਿ ਥਾਂ-ਥਾਂ ’ਤੇ ਸੰਗਤ ਵੱਲੋਂ ਲੰਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। ਸੰਗਤ ਨੇ ਨਗਰ ਕੀਰਤਨ ਦੌਰਾਨ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ, ਉੱਥੇ ਹੀ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਵੀ ਸਿਰੋਪੇ ਭੇਟ ਕੀਤੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਲਕੇ ਸ਼ਤਾਬਦੀ ਦਾ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਹਰਿਮੰਧਰ ਸਾਹਿਬ ਦੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਕਥਾਵਾਚਕ, ਰਾਗੀ ਤੇ ਢਾਡੀ ਕਵੀਸ਼ਰ ਜਥੇ ਹਾਜ਼ਰੀ ਭਰਨਗੇ।