ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਔਜਲਾ
ਔਜਲਾ ਨੇ ਦੱਸਿਆ ਕਿ ਉਹ ਉਸ ਵੇਲੇ ਸੰਸਦ ਸੈਸ਼ਨ ਵਿੱਚ ਹਾਜ਼ਰ ਸਨ ਪਰ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਨੂੰ ਇਸ ਗੰਭੀਰ ਮਾਮਲੇ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਅਜਿਹੀ ਧਮਕੀਆਂ ਸਮਾਜ ਵਿੱਚ ਦਹਿਸ਼ਤ ਪੈਦਾ ਕਰਨ ਦੀ ਸਾਜ਼ਿਸ਼ ਹਨ, ਜਿਨ੍ਹਾਂ ਦਾ ਡਟ ਕੇ ਮੁਕਾਬਲਾ ਕਰਨ ਦੀ ਲੋੜ ਹੈ। ਸੰਸਦ ਮੈਂਬਰ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਭਰੋਸਾ ਦਵਾਇਆ ਕਿ ਘਬਰਾਉਣ ਦੀ ਲੋੜ ਨਹੀਂ, ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਪੁਲੀਸ ਕਮਿਸ਼ਨਰ ਨਾਲ ਗੱਲਬਾਤ ਕਰਕੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾਉਣ ਅਤੇ ਮਾਮਲੇ ਦੀ ਗੰਭੀਰ ਤਫ਼ਤੀਸ਼ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਅਤੇ ਤਫ਼ਤੀਸ਼ ਏਜੰਸੀਆਂ ਨਾਲ ਤੁਰੰਤ ਸੰਪਰਕ ਕਰ ਕੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੇਜ਼ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਯਾਦ ਦਿਵਾਇਆ ਕਿ ਕੁਝ ਸਮਾਂ ਪਹਿਲਾਂ ਹਰਿਮੰਦਰ ਸਾਹਿਬ ਨੂੰ ਵੀ ਧਮਕੀ ਭਰੇ ਈਮੇਲ ਮਿਲੇ ਸਨ ਪਰ ਉਸ ਮਾਮਲੇ 'ਚ ਵੀ ਕੋਈ ਖਾਸ ਪ੍ਰਗਤੀ ਸਾਹਮਣੇ ਨਹੀਂ ਆਈ।
