ਹਰਿਮੰਦਰ ਸਾਹਿਬ ਦੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਨੋਟਿਸ
ਇਥੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਭੇਜ ਕੇ ਇੱਕ ਹਫ਼ਤੇ ਵਿੱਚ ਕਾਰਵਾਈ ਰਿਪੋਰਟ ਮੰਗੀ ਹੈ। ਪੱਤਰ ’ਚ ਗੁਰੂ ਘਰ ਦੇ ਆਲੇ-ਦੁਆਲੇ ਬਣ ਰਹੀਆਂ ਉਸਾਰੀਆਂ ਦੀ ਉਚਾਈ ਨੂੰ ਨਿਯਮਤ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ। ਕੁਝ ਸਮਾਂ ਪਹਿਲਾਂ ਕੁਝ ਜਥੇਬੰਦੀਆਂ ਵੱਲੋਂ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ’ਤੇ ਇਤਰਾਜ਼ ਪ੍ਰਗਟਾਇਆ ਸੀ ਅਤੇ ਇਸ ਸਬੰਧ ਵਿੱਚ ਸਰਕਾਰ ਨੂੰ ਨੋਟਿਸ ਲੈਣ ਦੀ ਅਪੀਲ ਕੀਤੀ ਸੀ। ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਹਰਿਮੰਦਰ ਸਾਹਿਬ ਦੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਪ੍ਰਭਾਵ ਗੁਰੂ ਘਰ ਦੀ ਦਿਖ ’ਤੇ ਪੈ ਰਿਹਾ ਹੈ। ਉਨ੍ਹਾਂ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਇਮਾਰਤਾਂ ਦੀ ਉਚਾਈ ਨੂੰ ਨਿਯਮਤ ਕੀਤਾ ਜਾਵੇ ਅਤੇ ਜੇ ਕੋਈ ਪਹਿਲਾਂ ਕਾਨੂੰਨ ਹੈ ਤਾਂ ਉਸਦੀ ਉਲੰਘਣਾ ਹੇਠ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਇਸ ਮਾਮਲੇ ਵਿੱਚ ਵਿਭਾਗ ਨੂੰ ਕਾਰਵਾਈ ਕਰਨ ਵਾਸਤੇ ਹਦਾਇਤ ਕੀਤੀ ਗਈ ਸੀ। ਦੱਸਣ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਨੇੜੇ ਹੀ ਬਣਾਈ ਜਾ ਰਹੀ ਇੱਕ ਇਮਾਰਤ ਦੀ ਉਚਾਈ ’ਤੇ ਵੀ ਇਤਰਾਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਮਾਰਤ ਦੀ ਵਧੇਰੇ ਉਚਾਈ ਨੂੰ ਰੋਕਣ ਬਾਰੇ ਭਰੋਸਾ ਦਿੱਤਾ ਗਿਆ ਸੀ।