ਪੱਤਰ ਪ੍ਰੇਰਕ
ਤਰਨ ਤਾਰਨ, 12 ਅਗਸਤ
ਜ਼ਿਲ੍ਹੇ ਅੰਦਰ ਅੱਜ ਗੌਰਮਿੰਟ ਡਰੱਗ-ਡੀ ਅਡਿਕਸ਼ਨ ਅਤੇ ਪੁਨਰਵਾਸ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਾਰੇ ਓਟ ਸੈਂਟਰਾਂ ਦੇ ਕਰਮਚਾਰੀਆਂ ਵੱਲੋਂ ਸਵੇਰ ਦੇ ਅੱਠ ਵਜੇ ਤੋਂ ਲੈ ਕੇ 11 ਵਜੇ ਤੱਕ ਓਟ ਸੈਂਟਰ ਬੰਦ ਕਰਨ ਨਾਲ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ| ਇਨ੍ਹਾਂ ਸੈਂਟਰਾਂ ਦੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਤਿੰਨ ਘੰਟੇ ਲਈ ਸੈਂਟਰ ਬੰਦ ਕਰਕੇ ਸਰਕਾਰ ਖਿਲਾਫ਼ ਰੋਸ ਵਿਖਾਵਾ ਕੀਤਾ| ਜਥੇਬੰਦੀ ਦੇ ਆਗੂ ਰਾਜਵਿੰਦਰ ਸਿੰਘ, ਦਿਲਦਾਰ ਸਿੰਘ, ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਦੇ ਅਦਾਰਿਆਂ ਵਿੱਚ ਬੀਤੇ ਸੱਤ-ਸੱਤ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ| ਆਗੂਆਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੇ ਜਾਣ ’ਤੇ ਉਹ ਆਪਣਾ ਅੰਦੋਲਨ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ|
ਜਲੰਧਰ ’ਚ ਕਰੋਨਾ ਦੇ 6 ਨਵੇਂ ਪਾਜ਼ੇਟਿਵ ਕੇਸ ਆਏ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 6 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 1490 ਮੌਤਾਂ ਹੋ ਚੁੱਕੀਆਂ ਹਨ ਤੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 63,168 ਤੱਕ ਪਹੁੰਚ ਗਈ ਹੈ।