ਕੇ.ਪੀ ਸਿੰਘ/ ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 30 ਜੂਨ
ਇੱਥੋਂ ਦੀ ਸਿਵਲ ਲਾਈਨ ਰੋਡ ’ਤੇ ਸਥਿਤ ਜੋਧ ਸਿੰਘ ਭਾਟੀਆ ਮੈਮੋਰੀਅਲ ਹਸਪਤਾਲ ਵਿੱਚ ਬੀਤੇ ਮੰਗਲਵਾਰ ਅਪਰੇਸ਼ਨ ਦੌਰਾਨ ਡਾਕਟਰਾਂ ਦੀ ਕਥਿਤ ਲਾਪ੍ਰਵਾਹੀ ਕਾਰਨ ਇੱਕ ਅਧਿਆਪਕਾ ਦੀ ਮੌਤ ਮਗਰੋਂ ਤਿੰਨ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਡਾਕਟਰਾਂ ਨੇ ਅੱਜ ਆਈਐਮਏ ਦੇ ਸੱਦੇ ’ਤੇ ਜ਼ਿਲ੍ਹੇ ਭਰ ਦੇ ਨਿੱਜੀ ਹਸਪਤਾਲਾਂ ਵਿੱਚ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ। ਇਸ ਦੇ ਨਾਲ ਹੀ ਸਿਵਲ ਹਸਪਤਾਲ ਗੁਰਦਾਸਪੁਰ ਅਤੇ ਸਿਵਲ ਹਸਪਤਾਲ ਧਾਰੀਵਾਲ ਦੇ ਡਾਕਟਰਾਂ ਨੇ ਵੀ ਉਨ੍ਹਾਂ ਦੇ ਸਮਰਥਨ ਵਿੱਚ ਓਪੀਡੀ ਪੂਰੀ ਤਰ੍ਹਾਂ ਬੰਦ ਰੱਖੀ। ਡਾਕਟਰਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਡਾਕਟਰਾਂ ਨਾਲ ਪੂਰਾ ਇਨਸਾਫ਼ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੇਵਾਵਾਂ ਇਸੇ ਤਰ੍ਹਾਂ ਬੰਦ ਰਹਿਣਗੀਆਂ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਪ੍ਰਾਈਵੇਟ ਡਾਕਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਬੀਐੱਸ ਬਾਜਵਾ ਨੇ ਦੱਸਿਆ ਕਿ ਅੱਜ ਡਾਕਟਰਾਂ ਨੂੰ ਇਨਸਾਫ਼ ਦਿਵਾਉਣ ਲਈ ਐੱਸਐੱਸਪੀ ਅਤੇ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਓਪੀਡੀਜ਼ ਬੰਦ ਕਰਕੇ ਐੱਸਐੱਸਪੀ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੁਲੀਸ ਨੇ ਬਿਨਾਂ ਡਾਕਟਰ ਦੀ ਰਿਪੋਰਟ ਤੋਂ ਡਾਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੋਵੇ ਜਦੋਂ ਕਿ ਮੈਡੀਕਲ ਬੋਰਡ ਦੀ ਰਿਪੋਰਟ ਮਗਰੋਂ ਅਗਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਅਧਿਆਪਕਾ ਦੇ ਪਰਿਵਾਰ ਨਾਲ ਉਨ੍ਹਾਂ ਨੂੰ ਹਮਦਰਦੀ ਹੈ। ਪ੍ਰਾਈਵੇਟ ਡਾਕਟਰ ਐਸੋਸੀਏਸ਼ਨ, ਗੁਰਦਾਸਪੁਰ ਦੇ ਪ੍ਰਧਾਨ ਡਾਕਟਰ ਐਚਐਸ ਕਲੇਰ ਨੇ ਦੱਸਿਆ ਕਿ ਪੁਲੀਸ ਹਿਰਾਸਤ ਵਿੱਚ ਡਾਕਟਰਾਂ ’ਤੇ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੱਟਾਂ ਵੀ ਲੱਗੀਆਂ। ਦੂਜੇ ਪਾਸੇ ਸਿਵਲ ਹਸਪਤਾਲ, ਗੁਰਦਾਸਪੁਰ ਵਿੱਚ ਸਵੇਰੇ 8 ਵਜੇ ਤੋਂ 10 ਵਜੇ ਤੱਕ ਓਪੀਡੀ ਦੀਆਂ ਪਰਚੀਆਂ ਕੱਟੀਆਂ ਗਈਆਂ ਪਰ ਡਾਕਟਰਾਂ ਦੇ ਹੜਤਾਲ ’ਤੇ ਜਾਣ ਕਾਰਨ ਕਿਸੇ ਮਰੀਜ਼ ਦੀ ਜਾਂਚ ਨਹੀਂ ਹੋਈ। ਇਸ ਕਾਰਨ ਮਰੀਜ਼ਾਂ ਨੂੰ ਬੇਹੱਦ ਖੱਜਲ ਖ਼ੁਆਰ ਹੋਣਾ ਪਿਆ। ਇਸ ਤੋਂ ਬਾਅਦ ਓਪੀਡੀ ਕਾਊਂਟਰ ਨੇ ਵੀ ਪਰਚੀ ਕੱਟਣੀ ਬੰਦ ਕਰ ਦਿੱਤੀ। ਮਰੀਜ਼ਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਗ਼ਰੀਬ ਮਰੀਜ਼ਾਂ ਦਾ ਕੀ ਕਸੂਰ ਹੈ। ਡਾਕਟਰ ਪ੍ਰਸ਼ਾਸਨ ਨਾਲ ਆਪਣਾ ਰੋਸ ਜਤਾਉਣ ਨਾ ਕਿ ਰੋਗੀਆਂ ਦੀ ਪ੍ਰੇਸ਼ਾਨੀ ਦਾ ਕਾਰਨ ਬਣਨ।