ਅਪਰੇਸ਼ਨ ਸੰਪਰਕ: ਰੇਲਵੇ ਦੇ ਸਪੈਸ਼ਲ ਡੀਜੀਪੀ ਵੱਲੋਂ ਪਬਲਿਕ ਮੀਟਿੰਗ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਵਿੰਡ ਰੋਡ ਵਿੱੱਚ ਅੱਜ ‘ਅਪਰੇਸ਼ਨ ਸੰਪਰਕ’ ਤਹਿਤ ਪੁਲੀਸ ਪਬਲਿਕ ਮੀਟਿੰਗ ਕੀਤੀ ਗਈ। ਰੇਲਵੇ ਪੁਲੀਸ ਦੇ ਸਪੈਸ਼ਲ ਡੀਜੀਪੀ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਇਸ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੁਲੀਸ ਅਧਿਕਾਰੀ ਅਤੇ ਵਿਦਿਆਰਥੀ ਤੇ ਸਕੂਲ ਸਟਾਫ ਤੇ ਇਲਾਕਾ ਵਾਸੀ ਹਾਜ਼ਰ ਸਨ। ਮੀਟਿੰਗ ਦੌਰਾਨ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਗਈਆਂ ਅਤੇ ਸੁਝਾਅ ਲਏ ਗਏ । ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਪੁਲੀਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਨੂੰਨੀ ਕਾਰਵਾਈ ਕਰਕੇ ਗ੍ਰਿਫ਼ਤਾਰੀਆ ਕੀਤੀਆਂ ਜਾ ਰਹੀ ਹਨ। ਉਸਦੇ ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਪੰਜਾਬ ਪੁਲੀਸ ਵੱਲੋਂ ਜਨਤਕ ਥਾਵਾਂ, ਸਕੂਲਾਂ/ਕਾਲਜਾਂ ਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਆਪਰੇਸ਼ਨ ਸੰਪਰਕ ਤਹਿਤ ਮੀਟਿੰਗਾਂ ਕਰਕੇ ਨਸ਼ੇ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਫੱਸੇ ਲੋਕਾਂ ਨੂੰ ਇਸ ਵਿੱਚੋਂ ਕੱਢਣ ਲਈ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਪੰਜਾਬ ਪੁਲੀਸ ਦੇ ਹੈਲਪਲਾਈਨ ਨੰਬਰ 112 ਅਤੇ ਅੰਮ੍ਰਿਤਸਰ ਸਿਟੀ ਪੁਲੀਸ ਕੰਟਰੋਲ ਰੂਮ ਦੇ ਮੋਬਾਈਲ ਨੰਬਰ ’ਤੇ ਦਿੱਤੀ ਜਾਵੇ। ਪੁਲੀਸ ਵੱਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ।