ਪੱਤਰ ਪ੍ਰੇਰਕ
ਤਰਨ ਤਾਰਨ, 19 ਜੁਲਾਈ
ਕੁਲ ਹਿੰਦ ਕਿਸਾਨ ਸਭਾ ਦੀ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੋਂ ਦੇ ਰਾਮਗੜ੍ਹੀਆ ਬੁੰਗਾ ਵਿੱਚ ਕੀਤੀ ਮੀਟਿੰਗ ਨੂੰ ਸੀ ਪੀ ਐਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਸੂਬੇ ਦੀ ਰਾਜਨੀਤਕ ਹਾਲਤ ਤੋਂ ਇਲਾਵਾ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰ ਸਾਂਝੇ ਕੀਤੇ| ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੇ ਮਸਲਿਆਂ ਵਿੱਚ ਦਖਲਅੰਦਾਜ਼ੀ ਕਰਨ ਤੋਂ ਵਰਜਿਆ। ਉਨ੍ਹਾਂ ਸੰਗੂਰਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਆਖਣ ਲਈ ਮੁਆਫੀ ਮੰਗਣ ਲਈ ਕਿਹਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਈ.ਡੀ., ਸੀ.ਬੀ.ਆਈ. ਅਤੇ ਹੋਰ ਏਜੰਸੀਆਂ ਦੀ ਵਰਤੋਂ ਆਪਣੇ ਰਾਜਸੀ ਵਿਰੋਧੀਆਂ ਨੂੰ ਡਰਾਉਣ ਲਈ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਕੀਤੀ ਚੋਣ ਵਿੱਚ ਦਵਿੰਦਰਜੀਤ ਸਿੰਘ ਢਿੱਲੋਂ ਨੂੰ ਪ੍ਰਧਾਨ, ਕਾਮਰੇਡ ਬਚਿੱਤਰ ਸਿੰਘ ਜੌਣੇਕੇ ਨੂੰ ਜਨਰਲ ਸਕੱਤਰ ਚੁਣਿਆ ਗਿਆ।