ਮੀਂਹ ਕਾਰਨ ਝੋਨੇ ਦੀ ਫ਼ਸਲ ਨੁਕਸਾਨੀ
ਪੱਤਰ ਪ੍ਰੇਰਕ
ਅਜਨਾਲਾ, 13 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਭਾਰੀ ਬਾਰਸ਼ਾਂ ਤੇ ਪਾਣੀ ਦੇ ਤੇਜ਼ ਵਹਾਅ ਕਾਰਨ ਝੋਨੇ ਦੀ ਫ਼ਸਲ ਦਾ 100 ਫ਼ੀਸਦੀ ਤੋਂ ਲੈ ਕੇ 33 ਫੀਸਦੀ ਤੱਕ ਦਾ ਨੁਕਸਾਨ ਕਾਫੀ ਰਕਬੇ ਵਿੱਚ ਹੋ ਚੁੱਕਾ ਹੈ, ਜਿਸ ਕਾਰਨ ਕਿਸਾਨਾਂ ਵਿੱਚ ਹਾਹਾਕਾਰ ਮੱਚ ਗਈ। ਉਨ੍ਹਾਂ ਕਿਹਾ ਕਿ ਨਾਲਿਆਂ, ਨਖਾਸੂਵਾਂ, ਕਸੀਆਂ ਦੀ ਸਫ਼ਾਈ ਨਾ ਹੋਣ ਕਾਰਨ ਜ਼ਿਆਦਾ ਬਾਰਸ਼ਾਂ ਹੋਣ ਨਾਲ ਉਨ੍ਹਾਂ ਵਿੱਚ ਹੜ੍ਹ ਆਉਣ ਕਰਕੇ ਲੱਖਾਂ ਏਕੜ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਭਿੰਡੀ ਸੈਦਾਂ, ਝੁੰਜ਼ ਤੇ ਭਿੰਡੀ ਖੁਰਦ ਆਦਿ ਪਿੰਡਾਂ ਦੇ ਕਿਸਾਨਾਂ ਦਾ ਝੋਨਾ 4-5 ਸੌ ਏਕੜ ਪਾਣੀ ਵਿੱਚ ਡੁੱਬ ਗਿਆ ਹੈ। ਇਸ ਸਬੰਧੀ ਡਾ. ਅਜਨਾਲਾ ਨੇ ਭਿੰਡੀ ਸੈਦਾਂ ਵਿੱਚ ਮੌਕੇ ’ਤੇ ਐੱਸਡੀਐੱਮ ਸੰਜੀਵ ਕੁਮਾਰ ਜੀ ਨੂੰ ਟੈਲੀਫੋਨ ਕਰਕੇ ਵਿਸ਼ੇਸ਼ ਗਿਰਦਾਵਰੀ ਕਰਕੇ ਅਣਦਾ ਮੁਆਵਜ਼ਾ ਦੇਣ ਦੀ ਮੰਗ ਰੱਖੀ ਜਿਸ ਤੇ ਉਨ੍ਹਾਂ ਬਣਦੀ ਉੱਚਿਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਤੇ ਮੱਕੀ ਦੇ ਫ਼ਸਲਾਂ ਦੇ 100 ਫੀਸਦੀ ਖ਼ਰਾਬੇ ਤੇ ਪ੍ਰਤੀ ਏਕੜ 60 ਹਜ਼ਾਰ ਰੁਪਏ, 60 ਫੀਸਦੀ ਦਾ 40 ਹਜ਼ਾਰ ਰੁਪਏ ਤੇ 30 ਫੀਸਦੀ ਨੂੰ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਹਰਨੇਕ ਸਿੰਘ ਨੇਪਾਲ, ਗਾਇਕ ਗੁਰਪਾਲ ਗਿੱਲ ਸੈਦਪੁਰ ਚਰਨ ਸਿੰਘ ਭਿੰਡੀ ਔਲਖ ਆਦਿ ਹਾਜ਼ਰ ਸਨ।