ਦਵਿੰਦਰ ਸਿੰਘ ਭੰਗੂ
ਰਈਆ, 27 ਸਤੰਬਰ
ਇਲਾਕੇ ਵਿਚ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ। ਸਰਕਾਰ ਵੱਲੋਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਵੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਦੂਜੇ ਪਾਸੇ ਖੇਤਾਂ ਵਿਚ ਪਰਾਲੀ ਨੂੰ ਅੱਗ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।
ਅੱਜ ਸਥਾਨਕ ਅਨਾਜ ਮੰਡੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਪਹਿਲੇ ਦਿਨ 200 ਬੋਰੀ ਦੇ ਕਰੀਬ ਖ਼ਰੀਦ ਕਰਵਾ ਕੇ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਪੁੱਜੇ ਹੋਏ ਸਨ।
ਇਸ ਮੌਕੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕੇ ਪੰਜਾਬ ਸਰਕਾਰ ਦੀ ਤਰਫ਼ੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਖ਼ਰੀਦ ਵਿਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਅੱਜ ਸਾਰੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਖ਼ਾਸ ਤੌਰ ’ਤੇ ਆਖ ਦਿੱਤਾ ਗਿਆ ਹੈ ਕਿ ਉਹ ਕਿਸਾਨਾਂ ਦੀ ਝੋਨੇ ਦੀ ਫ਼ਸਲ ਸਰਕਾਰੀ ਕੀਮਤ ਤੇ ਖ਼ਰੀਦਣ। ਅੱਜ ਪਹਿਲੇ ਦਿਨ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਪਨਗਰੇਨ ਖ਼ਰੀਦ ਏਜੰਸੀ ਦੇ ਏਐਫਐੱਸਓ ਵੱਲੋਂ ਸੇਠੀ ਕਮਿਸ਼ਨ ਏਜੰਟ ਦੀ ਆੜ੍ਹਤ ਤੋਂ 200 ਬੋਰੇ ਦੇ ਕਰੀਬ ਏ ਕਲਾਸ ਝੋਨਾ 1888 ਰੁਪਏ ਪ੍ਰਤੀ ਕੁਇੰਟਲ ਖ਼ਰੀਦ ਕਰ ਕੇ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰ ਦਿੱਤੀ ਗਈ।
ਦੂਜੇ ਪਾਸੇ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ ਸਥਾਨਕ ਸ਼ੈਲਰ ਮਾਲਕਾਂ ਵੱਲੋਂ ਪ੍ਰਾਈਵੇਟ ਖ਼ਰੀਦ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ। ਇਸ ਕਰ ਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਪ੍ਰਸ਼ਾਸਨ ਦੀਆਂ ਪਾਬੰਦੀਆਂ ਦੇ ਬਾਵਜੂਦ ਬਲਾਕ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਅਮਰਕੋਟ ਦੇ ਕਿਸਾਨ ਗੁਰਦਿਆਲ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਪਣੇ ਖੇਤਾਂ ਵਿਚ ਝੋਨੇ ਦੇ ਨਾੜ ਨੂੰ ਅੱਗ ਲਗਾਈ ਸੀ। ਇਲਾਕੇ ਦਾ ਦੌਰਾ ਕਰਦਿਆਂ ਤਹਿਸੀਲ ਜੰਡਿਆਲਾ ਗੁਰੂ ਦੇ ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ ਮੌਕੇ ਉਪਰ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੌਕੇ ਉੱਪਰ ਖੇਤ ਵਿਚ ਅੱਗ ਲਗਾਉਣ ਵਾਲੇ ਅਮਰਕੋਟ ਪਿੰਡ ਦੇ ਗੁਰਦਿਆਲ ਸਿੰਘ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਅੱਗ ਬੁਝਵਾਈ ਗਈ ਅਤੇ ਅੱਗੋਂ ਤੋਂ ਅੱਗ ਨਾ ਲਗਾਉਣ ਦੀ ਹਦਾਇਤ ਕਰ ਕੇ ਛੱਡਿਆ ਗਿਆ। ਇਸ ਦੇ ਨਾਲ ਹੀ ਬਾਕੀ ਪਿੰਡ ਵਾਸੀਆਂ ਨੂੰ ਵੀ ਗੁਰਦੁਆਰਾ ਸਾਹਿਬ ਦੇ ਲਾਊਡ ਸਪੀਕਰ ਰਾਹੀਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਕੀਤੀ ਹੈ।
ਅਟਾਰੀ (ਦਿਲਬਾਗ ਸਿੰਘ ਗਿੱਲ): ਐਸਡੀਐਮ ਅੰਮ੍ਰਿਤਸਰ-2 ਡਾ. ਸ਼ਿਵਰਾਜ ਸਿੰਘ ਬੱਲ ਨੇ ਖੇਤੀਬਾੜੀ ਦਫ਼ਤਰ ਅਟਾਰੀ ਵਿਚ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੋਵਿਡ-19 ਦੇ ਮਰੀਜ਼ਾਂ ਦੀ ਹਾਲਤ ਹੋਰ ਗੰਭੀਰ ਹੋ ਸਕਦੀ ਹੈ।