ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 22 ਮਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਮੁੰਡਾਪਿੰਡ ਦੇ ਮੰਡ ਖੇਤਰ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਆਏ ਸਿਵਲ ਤੇ ਪੁਲੀਸ ਪ੍ਰਸ਼ਾਸਨ ਨਾਲ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੇ ਚੱਲਦਿਆਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਆਏ ਪ੍ਰਸ਼ਾਸਨ ਨੂੰ ਕਿਸਾਨ ਆਗੂਆਂ ਦੇ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਪੁਲੀਸ ਫੋਰਸ ਨਾਲ ਪਿੰਡ ਮੁੰਡਾਪਿੰਡ ਦੇ ਮੰਡ ਖੇਤਰ ਵਿਚ ਕਿਸਾਨਾਂ ਤੋਂ ਕਰੀਬ 33 ਕਿੱਲੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਛਡਾਉਣ ਆਏ ਸਨ। ਕਿਸਾਨਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਇਹ ਕਬਜ਼ਾ ਨਹੀਂ ਲੈ ਸਕਿਆ।
ਕਿਸਾਨ ਆਗੂ ਹਰਜੀਤ ਸਿੰਘ ਜੌਹਲ, ਗੁਰਮੇਜ ਸਿੰਘ ਆਦਿ ਨੇ ਆਖਿਆ ਕਿ ਪਿਛਲੇ ਪੰਜ ਦਹਾਕਿਆਂ ਤੋਂ ਕਿਸਾਨ ਬਲਜੀਤ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਜੰਗ ਸਿੰਘ ਇਸ ਜ਼ਮੀਨ ’ਤੇ ਖੇਤੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਉਜਾੜਨ ’ਤੇ ਤੁਲੀ ਹੋਈ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਇਸ ਜ਼ਮੀਨ ’ਤੇ ਆਬਾਦ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕੀ ਹੱਕ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਆਏ ਡੀਡੀਪੀਓ ਸ਼ਤੀਸ਼ ਕੁਮਾਰ ਨੇ ਦੱਸਿਆ ਕਿ ਪਿੰਡ ਮੁੰਡਾਪਿੰਡ ਵਿੱਚ ਪੰਚਾਇਤੀ ਜ਼ਮੀਨ ਦੇ ਨਾਜਾਇਜ਼ ਕਬਜ਼ੇ ਨੂੰ ਛੱਡਣ ਲਈ ਕਿਸਾਨਾਂ ਨੂੰ ਨੋਟਿਸ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਜ਼ਮੀਨ ਛੱਡਣ ਲਈ ਪ੍ਰਸ਼ਾਸਨ ਕੋਲੋਂ ਦੋ ਦਿਨ ਦਾ ਹੋਰ ਸਮਾਂ ਮੰਗਿਆ ਗਿਆ ਹੈ।
ਡੀਐੱਸਪੀ ਪ੍ਰੀਤਇੰਦਰ ਸਿੰਘ ਅਤੇ ਐੱਸਐੱਚਓ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਕਾਰਵਾਈ ਦੌਰਾਨ ਮਾਹੌਲ ਤਲਖੀ ਭਰਿਆ ਨਾ ਬਣੇ ਇਸ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਪੁਲੀਸ ਫੋਰਸ ਦਾ ਇੰਤਜਾਮ ਕੀਤਾ ਗਿਆ ਹੈ। ਕਿਸਾਨ ਆਗੂ ਕਬਜ਼ਾ ਲੈਣ ਵਾਲੀ ਜ਼ਮੀਨ ’ਤੇ ਧਰਨਾ ਦੇ ਰਹੇ ਹਨ। ਇੱਥੇ ਹਾਲਾਤ ਕੋਈ ਤਨਾਅਪੂਰਨ ਮਾਹੌਲ ਵਾਲੀ ਗੱਲ ਨਹੀ ਹੈ।