ਪੰਥਕ ਅਕਾਲੀ ਲਹਿਰ ਵੱਲੋਂ 50 ਤੋਂ ਵੱਧ ਪਿੰਡਾਂ ਦੇ ਗ੍ਰੰਥੀ ਸਿੰਘਾਂ ਦਾ ਸਨਮਾਨ
ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿੰਡ ਠੇਠਰਕੇ ਵਿੱਚ ਇੱਕ ਸਮਾਗਮ ’ਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਣੇ ਸਮੁੱਚੇ ਵਿਸ਼ਵ ਵਿੱਚ ਵੱਖ-ਵੱਖ ਗੁਰੂ ਘਰਾਂ ਵਿੱਚ ਸੇਵਾ ਕਰਦੇ ਰਾਗੀ ਸਿੰਘਾ ਪਾਠੀ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਨੂੰ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਬਣਦੀ ਭੇਟਾ ਅਤੇ ਮਾਨ ਸਨਮਾਨ ਨਹੀਂ ਦਿੱਤਾ ਜਾਂਦਾ ਹੈ ਜੋ ਕਿ ਸਮੁੱਚੇ ਪੰਥ ਅਤੇ ਪੰਥਕ ਰਵਾਇਤਾਂ ਲਈ ਬਹੁਤ ਹੀ ਚਿੰਤਾ ਵਾਲਾ ਪਹਿਲੂ ਹੈ। ਇਸ ਲਈ ਸਭ ਤੋਂ ਪਹਿਲਾਂ ਗੁਰੂ ਘਰ ਦੇ ਵਜ਼ੀਰਾਂ ਗ੍ਰੰਥੀ ਸਿੰਘਾਂ ਨੂੰ ਸਨਮਾਨ ਦੇਣ ਤੋਂ ਇਲਾਵਾ ਉਨ੍ਹਾਂ ਦਾ ਜੀਵਨ ਪੱਧਰ ਖ਼ੁਸ਼ਹਾਲ ਬਣਾਉਣ ਲਈ ਸੰਗਤ ਨੂੰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਯਤਨ ਕਰਨੇ ਚਾਹੀਦੇ ਹਨ। ਇਹ ਸਮਾਗਮ ਪੰਥਕ ਅਕਾਲੀ ਲਹਿਰ ਬਾਬਾ ਭੁਪਿੰਦਰ ਸਿੰਘ, ਬਾਬਾ ਲਖਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਡਾਕਟਰ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰੇ ਭਾਈ ਰਵੇਲ ਸਿੰਘ ਸਹਾਏਪੁਰ, ਭਾਈ ਜੋਗਿੰਦਰ ਸਿੰਘ ਨਾਨੋਵਾਲ, ਭਾਈ ਲਖਵਿੰਦਰ ਸਿੰਘ ਆਦੀਆਂ, ਭਾਈ ਰਣਜੀਤ ਸਿੰਘ ਖ਼ਾਲਸਾ, ਭਾਈ ਦੀਪ ਸਿੰਘ ਸਰਪ੍ਰਸਤ ਪੰਥਕ ਅਕਾਲੀ ਲਹਿਰ ਜ਼ਿਲ੍ਹਾ ਗੁਰਦਾਸਪੁਰ, ਭਾਈ ਕੁਲਦੀਪ ਸਿੰਘ ਕਲਾਨੌਰ ਵੱਲੋਂ ਇਸ ਸਮਾਗਮ ਵਿੱਚ ਅਹਿਮ ਸੇਵਾ ਨਿਭਾਈ ਗਈ। ਭਾਈ ਰਣਜੀਤ ਸਿੰਘ ਅਤੇ ਸੰਤ ਬਾਬਾ ਭੁਪਿੰਦਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮਾਂ ਹੈ ਕਿ ਰਾਗੀ ਪਾਠੀ ਅਤੇ ਗ੍ਰੰਥੀ ਸਿੰਘਾਂ ਨੂੰ ਵੱਧ ਤੋਂ ਵੱਧ ਵਿੱਤੀ ਤੌਰ ’ਤੇ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਖ਼ਰਚਿਆਂ ਦਾ ਗੁਰਦੁਆਰਿਆਂ ਦੀਆਂ ਕਮੇਟੀਆਂ ਨੂੰ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਨ੍ਹਾਂ ਗ੍ਰੰਥੀ ਸਿੰਘਾਂ ਅਤੇ ਰਾਗੀ ਸਿੰਘਾਂ ਨੂੰ ਕਦੀ ਬਣਦੀ ਮਦਦ ਨਹੀਂ ਦਿੱਤੀ ਗਈ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਸੰਤਾਂ ਮਹਾਂਪੁਰਸ਼ਾਂ ਰਾਹੀਂ 50 ਤੋਂ ਵੱਧ ਪਿੰਡਾਂ ਦੇ ਗ੍ਰੰਥੀ ਸਿੰਘਾਂ ਦਾ ਸਨਮਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਗਦ ਭੇਟਾਂ ਵੀ ਦਿੱਤੀ। ਇਸ ਮੌਕੇ ਹਲਕਾ ਦੀਨਾਨਗਰ ਦੇ ਰਾਵੀ ਦਰਿਆ ਤੋਂ ਪਾਰ ਪੈਂਦੇ ਸੱਤ ਪਿੰਡਾਂ ਦੇ ਪੰਜ ਗ੍ਰੰਥੀ ਸਿੰਘਾਂ ਦਾ ਵੀ ਸਨਮਾਨ ਕੀਤਾ ਗਿਆ।