ਪੱਪਲ ਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
ਵਾਰਿਸ ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ
ਅਕਾਲੀ ਦਲ (ਵਾਰਿਸ ਪੰਜਾਬ) ਵੱਲੋਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। ਜਥੇਬੰਦੀ ਵੱਲੋਂ ਮਜੀਠਾ ਵਿਧਾਨ ਸਭਾ ਹਲਕੇ ਵਾਸਤੇ ਪੱਪਲ ਪ੍ਰੀਤ ਸਿੰਘ ਦੇ ਨਾਂ ਦਾ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕੀਤਾ। ਇਸ ਤੋਂ ਪਹਿਲਾਂ ਜਥੇਬੰਦੀ ਵੱਲੋਂ ਕੇਹਰ ਸਿੰਘ ਦੇ ਬੇਟੇ ਸਤਵੰਤ ਸਿੰਘ ਨੂੰ ਬੱਸੀ ਪਠਾਣਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕੇਹਰ ਸਿੰਘ ਇੰਦਰਾ ਗਾਂਧੀ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਪੱਪਲ ਪ੍ਰੀਤ ਸਿੰਘ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਹਨ। ਉਹ ਇਸ ਵੇਲੇ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ। ਤਰਸੇਮ ਸਿੰਘ ਨੇ ਕਿਹਾ ਕਿ ਪੱਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਤੋਂ ਚੋਣ ਲੜਨਗੇ। ਪੱਪਲਪ੍ਰੀਤ ਸਿੰਘ 10 ਅਪਰੈਲ 2025 ਤੱਕ ਕੌਮੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰਬੰਦ ਸੀ। ਐੱਨ ਐੱਸ ਏ ਖਤਮ ਹੋਣ ਤੋਂ ਬਾਅਦ ਉਸ ਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ। ਉਸ ਨੂੰ ਅਪਰੈਲ 2023 ਵਿੱਚ ਅਜਨਾਲਾ ਥਾਣੇ ’ਤੇ ਕਥਿਤ ਹਮਲੇ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਲਾਹਕਾਰ ਵਜੋਂ ਕੰਮ ਕਰਦਾ ਸੀ ਤੇ ਉਸ ਦੇ ਨੇੜਲੇ ਸਾਥੀਆਂ ਵਿੱਚੋਂ ਇੱਕ ਹੈ। ਇਸ ਇਸ ਤੋਂ ਪਹਿਲਾਂ ਉਸ ਨੂੰ 2015 ਵਿੱਚ ਸਰਬੱਤ ਖਾਲਸਾ ਸੰਮੇਲਨ ਤੋਂ ਬਾਅਦ ਦੇਸ਼ਧ੍ਰੋਹ ਦੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਦੱਸਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਜਥੇਬੰਦੀ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਦੋ ਹੋਰ ਸਾਥੀਆਂ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ ਜੋ ਕਿ ਇਸ ਵੇਲੇ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਵਿੱਚ ਦਲਜੀਤ ਸਿੰਘ ਕਲਸੀ ਅਤੇ ਗੁਰਮੀਤ ਸਿੰਘ ਬੁੱਕਣ ਵਾਲਾ ਸ਼ਾਮਿਲ ਹਨ। ਵਧੇਰੇ ਜਥੇਬੰਦੀਆਂ ਵੱਲੋਂ ਹਲਕਾ ਇੰਚਾਰਜਾਂ ਨੂੰ ਹੀ ਆਪਣਾ ਉਮੀਦਵਾਰ ਬਣਾ ਲਿਆ ਜਾਂਦਾ ਹੈ।

