Parwinder Singh Jhota Tribute: ਪਰਵਿੰਦਰ ਝੋਟਾ ਦੀ ਯਾਦ ਵਿੱਚ ਮੋਮਬੱਤੀ ਮਾਰਚ
ਕਾਂਗਰਸੀਆਂ ਨੇ ਸਰਕਾਰ ਅਤੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਉਣ ਵਾਲੇ ਲੋਕ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਸਬੰਧੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ‘ਨਸ਼ਾ ਰੋਕੋ, ਰੁਜ਼ਗਾਰ ਦਿਓ’ ਮੁਹਿੰਮ ਚਲਾਉਣ ਵਾਲੇ ਝੋਟਾ ਨੂੰ ਗੋਲੀ ਮਾਰਨ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਇਸ ਮੌਕੇ ਕਸ਼ਮੀਰ ਸਿੰਘ ਜਾਣੀਆਂ, ਨਿਰਮਲ ਸਿੰਘ ਨਿੰਮਾ ਲਹੌਰੀਆ, ਰਾਜਦੀਪ ਸੈਣੀ, ਕ੍ਰਿਸ਼ਨ ਅਰੋੜਾ, ਮਨਜਿੰਦਰ ਸਿੰਘ ਸਰਜਾ, ਟਿੰਕੂ ਸੇਠ, ਚਰਨਜੀਤ ਸਿੰਘ ਟੀਟੋ, ਜਤਿੰਦਰ ਸਿੰਘ ਨਾਟੀ, ਪ੍ਰਤਾਪ ਸਿੰਘ ਪੱਪੀ, ਹੀਰਾ ਲਾਲ, ਅਵਤਾਰ ਸਿੰਘ ਟੱਕਰ, ਅਮਿਤ ਅਰੋੜਾ, ਕਮਲ ਢੀਂਗਰਾ ਸਣੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।

