ਪੈਨਸ਼ਨਰਾਂ ਵੱਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਵਿਰੋਧ
ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ-ਗੁਰਦਾਸਪੁਰ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਰਾਜਿੰਦਰ ਕੁਮਾਰ, ਪ੍ਰੇਮ ਕੁਮਾਰ, ਚੇਅਰਮੈਨ ਹਰਪਾਲ ਸਿੰਘ, ਨੇਕ ਰਾਜ, ਤੇਜਵੀਰ ਸਿੰਘ, ਮਾਨ ਸਿੰਘ, ਮਹਿੰਦਰ ਪਾਲ, ਗੁਰਨਾਮ ਸਿੰਘ, ਰਾਜੇਸ਼ ਲਵਲੀ, ਸਰਬਜੀਤ ਸਿੰਘ, ਸੁਰਿੰਦਰ ਸੈਣੀ ਨਰਿੰਦਰ ਸਿੰਘ ਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਪੈਨਸ਼ਨਰਜ਼ ਸੰਯੁਕਤ ਫਰੰਟ ਨੂੰ ਕਈ ਵਾਰ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ ਗਈ ਹੈ। ਇਸ ਕਾਰਨ ਸਮੁੱਚੇ ਮੁਲਾਜ਼ਮ ਪੈਨਸ਼ਨਰਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵਿੱਚ 65 ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਨੌਕਰੀ ਹਾਲੇ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ 42 ਪ੍ਰਤੀਸ਼ਤ ਮਹਿੰਗਾਈ ਭੱਤਾ ਮਿਲ ਰਿਹਾ ਹੈ। ਜਦ ਕਿ ਪੰਜਾਬ ਨਾਲ ਲੱਗਦੇ ਹਿਮਾਚਲ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਰਾਜ ਦੇ ਮੁਲਾਜ਼ਮਾਂ ਨੂੰ 55 ਪ੍ਰਤੀਸ਼ਤ ਡੀਏ ਮਿਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 13 ਪ੍ਰਤੀਸ਼ਤ ਲੰਬਿਤ ਡੀਏ ਦਿੱਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।