ਬੱਸਾਂ ਦੇ ਚੱਕੇ ਜਾਮ ਕਾਰਨ ਲੋਕ ਖੁਆਰ ਹੋਏ
ਲਗਭਗ ਚਾਰ ਘੰਟੇ ਤੋਂ ਵੱਧ ਸਮਾਂ ਚੱਲੀ ਇਹ ਹੜਤਾਲ ਉਸ ਵੇਲੇ ਖਤਮ ਹੋਈ ਜਦੋਂ ਯੂਨੀਅਨ ਦੀ ਸੂਬਾ ਇਕਾਈ ਦੇ ਆਗੂਆਂ ਵੱਲੋਂ ਸੁਨੇਹਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਜੋਧ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਹਾਂਪੱਖੀ ਸੰਕੇਤ ਦਿੱਤਾ ਗਿਆ ਹੈ ਅਤੇ ਮੀਟਿੰਗ ਦਾ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਲੋਮੀਟਰ ਸਕੀਮ ਤਹਿਤ ਅੱਜ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਹ ਨਿੱਜੀ ਹੱਥਾਂ ਵਿੱਚ ਦਿਨ ਦੀ ਯੋਜਨਾ ਹੈ। ਇਸ ਦਾ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕਾ ਆਧਾਰ ’ਤੇ ਰੱਖੇ ਹੋਏ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 19 ਨਵੰਬਰ ਨੂੰ ਪ੍ਰਦਰਸ਼ਨਕਾਰੀ ਕਾਮਿਆਂ ਨਾਲ ਮੀਟਿੰਗ ਰੱਖੀ ਗਈ ਹੈ। ਜੇਕਰ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਹੜਤਾਲ ਦੇ ਕਾਰਨ ਕਈ ਰੂਟਾਂ ਤੇ ਬੱਸਾਂ ਨਹੀਂ ਚੱਲੀਆਂ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆਈ।
