ਪੱਤਰ ਪ੍ਰੇਰਕ
ਤਰਨ ਤਾਰਨ, 21 ਮਾਰਚ
ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਖ਼ਿਲਾਫ਼ ਅੱਜ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ| ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਆਗੂ ਪਰਗਟ ਸਿੰਘ ਚੰਬਾ ਦੀ ਅਗਵਾਈ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਮੰਗ ਪੱਤਰ ਦਿੱਤਾ ਜਦੋਂਕਿ ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਆਗੂ ਡਾ. ਸਿਕੰਦਰ ਸਿੰਘ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ।
ਅਜਨਾਲਾ (ਪੱਤਰ ਪ੍ਰੇਰਕ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਐੱਸਡੀਐੱਮ ਦਫ਼ਤਰ ਅਜਨਾਲਾ ਦੇ ਬਾਹਰ ਕਿਰਤੀ ਕਿਸਾਨ ਯੂਨੀਅਨ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਵਰਕਰਾਂ ਸਾਂਝੇ ਤੌਰ ’ਤੇ ਵਿਸ਼ਾਲ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੂਬਾ ਕਮੇਟੀ ਮੈਂਬਰ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਧਰਨਾ ਸਮਾਪਤ ਕਰਵਾਉਂਦੇ ਸਮੇਂ ਵਾਅਦਾ ਕੀਤਾ ਸੀ ਕਿ ਐੱਮਐੱਸਪੀ ਤੇ ਕਾਨੂੰਨ ਬਣਾਇਆ ਜਾਵੇਗਾ, ਕਿਸਾਨਾਂ ਦੇ ਝੂਠੇ ਕੇਸ ਵਾਪਸ ਲਏ ਜਾਣਗੇ, ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ ਇਹ ਸਾਰੇ ਮਸਲਿਆਂ ਤੇ ਵਾਅਦਾਖ਼ਿਲਾਫ਼ੀ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਨੂੰ ਬਚਾ ਰਹੀ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ) ਆਜ਼ਾਦ ਕਿਸਾਨ ਕਮੇਟੀ ਦੋਆਬਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਖਤਮ ਕਰਨ ਲਈ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨੇ ਕਿਸਾਨਾਂ ਦੇ ਜ਼ਖਮਾਂ ’ਤੇ ਨਮਕ ਛਿੜਕਣ ਦਾ ਕੰਮ ਕੀਤਾ।
ਸ਼ਾਹਕੋਟ (ਪੱਤਰ ਪ੍ਰੇਰਕ) ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਤਹਿਸੀਲਦਾਰ ਸ਼ਾਹਕੋਟ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।
ਚੋਹਲਾ ਸਾਹਿਬ (ਪੱਤਰ ਪ੍ਰੇਰਕ) ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵੱਲੋਂ ਕਿਸਾਨ ਜਥੇਬੰਦੀ ਦੇ ਸੂਬਾਈ ਆਗੂ ਪ੍ਰਗਟ ਸਿੰਘ ਚੰਬਾ ਤੇ ਕਾਬਲ ਸਿੰਘ ਵਰ੍ਹਿਆਂ ਦੀ ਅਗਵਾਈ ’ਚ ਏਡੀਸੀ ਤਰਨ ਤਾਰਨ ਨੂੰ ਰੋਸ ਪੱਤਰ ਦਿੱਤਾ ਗਿਆ।
ਨਵਾਂਸ਼ਹਿਰ (ਪੱਤਰ ਪ੍ਰੇਰਕ) ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਮੰਗਾਂ ਸਬੰਧੀ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਸੁਰਿੰਦਰ ਸਿੰਘ ਬੈਂਸ, ਜਸਵਿੰਦਰ ਸਿੰਘ ਭੰਗਲ ਤੇ ਭੁਪਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਤੋਂ ਪਿੱਛੇ ਹਟ ਰਹੀ ਹੈ।